Breaking News
Home / ਪੰਜਾਬ / ਹੜ੍ਹ ਸਬੰਧੀ ਰਾਹਤ ਕਾਰਜ: ਭਗਵੰਤ ਮਾਨ ਤੇ ਸ਼੍ਰੋਮਣੀ ਕਮੇਟੀ ਆਹਮੋ-ਸਾਹਮਣੇ

ਹੜ੍ਹ ਸਬੰਧੀ ਰਾਹਤ ਕਾਰਜ: ਭਗਵੰਤ ਮਾਨ ਤੇ ਸ਼੍ਰੋਮਣੀ ਕਮੇਟੀ ਆਹਮੋ-ਸਾਹਮਣੇ

ਮੁੱਖ ਮੰਤਰੀ ਨੇ ਸ਼੍ਰੋਮਣੀ ਕਮੇਟੀ ਦਾ ਖਾਤਾ ਨੰਬਰ ਜਾਰੀ ਕਰਨ ‘ਤੇ ਸੁਖਬੀਰ ਬਾਦਲ ਨਿਖੇਧੀ ਕੀਤੀ
ਚੰਡੀਗੜ੍ਹ/ਬਿਊਰੋ ਨਿਊਜ਼ : ਸਿੱਖ ਮਸਲਿਆਂ ਵਿੱਚ ਦਖ਼ਲ ਕਾਰਨ ਛਿੜੀ ਸ਼ਬਦੀ ਜੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੁਣ ਹੜ੍ਹਾਂ ਦੇ ਰਾਹਤ ਕਾਰਜਾਂ ਨੂੰ ਲੈ ਕੇ ਮੁੜ ਆਹਮੋ-ਸਾਹਮਣੇ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦਾ ਬੈਂਕ ਖਾਤਾ ਨੰਬਰ ਜਾਰੀ ਕਰਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਕਿਸ ਹੈਸੀਅਤ ‘ਚ ਇਹ ਨੰਬਰ ਜਾਰੀ ਕੀਤਾ।
ਮਾਨ ਨੇ ਕਿਹਾ ਕਿ ਇਹ ਬਹੁਤ ਸ਼ਰਮਨਾਕ ਹੈ ਕਿ ਅਕਾਲੀ ਆਗੂ ਸ਼੍ਰੋਮਣੀ ਕਮੇਟੀ ਦੇ ਅਧਿਕਾਰਤ ਨੁਮਾਇੰਦਿਆਂ ਦੀ ਥਾਂ ਖੁਦ ਇਨ੍ਹਾਂ ਖਾਤਾ ਨੰਬਰਾਂ ਦਾ ਵੇਰਵਾ ਜਨਤਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਅਜੇ ਤੱਕ ਖਾਤਾ ਨੰਬਰ ਜਨਤਕ ਨਹੀਂ ਕੀਤੇ ਗਏ ਪਰ ਸੁਖਬੀਰ ਬਾਦਲ ਨੇ ਇਹ ਨੰਬਰ ਜਾਰੀ ਕਰ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ‘ਤੇ ਇਕੋ ਪਰਿਵਾਰ ਦਾ ਕੰਟਰੋਲ ਹੈ ਅਤੇ ਅਕਾਲੀ ਆਗੂ ਵੱਲੋਂ ਨੰਬਰ ਜਾਰੀ ਕਰਨ ਨਾਲ ਉਨ੍ਹਾਂ ਦਾਅਵਾ ਸਹੀ ਸਾਬਤ ਹੋ ਗਿਆ। ਉਨ੍ਹਾਂ ਕਿਹਾ ਕਿ ਅਣਗਿਣਤ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਈ ਸੰਸਥਾ ਇਨ੍ਹਾਂ ਆਗੂਆਂ ਦੇ ਹੱਥਾਂ ਦੀ ਕਠਪੁਤਲੀ ਬਣੀ ਹੋਈ ਹੈ।
ਕੁਝ ਲੋਕਾਂ ਨੇ ਹਮੇਸ਼ਾ ਹੀ ਆਪਣੇ ਸਿਆਸੀ ਹਿੱਤਾਂ ਲਈ ਸ਼੍ਰੋਮਣੀ ਕਮੇਟੀ ਦੀ ਦੁਰਵਰਤੋਂ ਕੀਤੀ ਹੈ। ਹੁਣ ਇਹ ਆਗੂ ਸੂਬੇ ਦੇ ਲੋਕਾਂ ਨੂੰ ਮੂਰਖ ਨਹੀਂ ਬਣਾ ਸਕਦੇ ਤੇ ਲੋਕ ਇਨ੍ਹਾਂ ਦੇ ਕਿਰਦਾਰ ਤੋਂ ਚੰਗੀ ਤਰ੍ਹਾਂ ਜਾਣੂ ਹਨ। ਲੋਕਾਂ ਨੇ ਪਹਿਲਾਂ ਹੀ ਇਨ੍ਹਾਂ ਨੂੰ ਸੱਤਾ ਤੋਂ ਲਾਂਭੇ ਕਰ ਦਿੱਤਾ ਹੈ ਅਤੇ ਸੂਬੇ ‘ਚ ਭਾਰੀ ਬਹੁਮਤ ਨਾਲ ‘ਆਪ’ ਦੀ ਸਰਕਾਰ ਬਣਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਆਗੂਆਂ ਨੂੰ ਕਦੇ ਮੁਆਫ ਨਹੀਂ ਕਰਨਗੇ।
ਭਗਵੰਤ ਮਾਨ ਹੜ੍ਹ ਪੀੜਤਾਂ ਦੀ ਮਦਦ ਵੱਲ ਧਿਆਨ ਦੇਣ : ਧਾਮੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹੜ੍ਹ ਪੀੜਤਾਂ ਦੀ ਮਦਦ ‘ਤੇ ਧਿਆਨ ਦੇਣ ਦੀ ਸਲਾਹ ਦਿੱਤੀ ਹੈ।
ਧਾਮੀ ਨੇ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਇਹ ਰਾਹਤ ਖਾਤਾ ਜਾਰੀ ਕੀਤਾ ਸੀ, ਜਿਸ ਵਿਚ ਸਹਿਯੋਗ ਭੇਜਣ ਦੀ ਅਪੀਲ ਸ਼੍ਰੋਮਣੀ ਕਮੇਟੀ ਨੇ ਹੀ ਕੀਤੀ ਹੈ। ਹਰ ਗੱਲ ਵਿਚ ਰਾਜਨੀਤੀ ਚੰਗੀ ਨਹੀਂ ਹੁੰਦੀ। ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ ਕਿ ਇਸ ਖਾਤੇ ਨੂੰ ਸੰਗਤ ਤਕ ਕੋਈ ਵੀ ਪਹੁੰਚਾ ਸਕਦਾ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਲੋਕਾਂ ਦਾ ਵੱਡਾ ਨੁਕਸਾਨ ਹੋਇਆ ਹੈ, ਜਿਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੀੜਤਾਂ ਦੀ ਹਰ ਸੰਭਵ ਸਹਾਇਤਾ ਦੇ ਆਦੇਸ਼ ਕੀਤੇ ਹਨ। ਇਸੇ ਤਹਿਤ ਵੱਖ-ਵੱਖ ਥਾਵਾਂ ‘ਤੇ 25 ਗੁਰਦੁਆਰਿਆਂ ਵਿਚ ਕੇਂਦਰ ਸਥਾਪਤ ਕਰਕੇ ਰਾਹਤ ਕਾਰਜ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਨੂੰ ਦਵਾਈ ਅਤੇ ਮੈਡੀਕਲ ਸਹੂਲਤ ਦੀ ਵੱਡੀ ਲੋੜ ਹੈ, ਜਿਸ ਦੇ ਮੱਦੇਨਜ਼ਰ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲ੍ਹਾ ਤੋਂ 3 ਮੈਡੀਕਲ ਟੀਮਾਂ ਭੇਜੀਆਂ ਗਈਆਂ ਹਨ, ਜੋ ਪੀੜਤ ਲੋਕਾਂ ਤੱਕ ਪਹੁੰਚ ਕੇ ਉਨ੍ਹਾਂ ਨੂੰ ਮੈਡੀਕਲ ਸਹੂਲਤ ਤੇ ਮੁਫ਼ਤ ਦਵਾਈਆਂ ਦੇ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਪਸ਼ੂਆਂ ਲਈ ਵੱਖ-ਵੱਖ ਥਾਵਾਂ ਤੋਂ ਜਿੱਥੇ ਹਰਾ ਚਾਰਾ ਭੇਜਿਆ ਜਾ ਰਿਹਾ ਹੈ ਉਥੇ ਹੀ ਚਾਰੇ ਲਈ ਅਚਾਰ ਦਾ ਵੀ ਪ੍ਰਬੰਧ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਖੁਦ ਹੜ੍ਹ ਪੀੜਤਾਂ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਨਜ਼ਰਸਾਨੀ ਕਰ ਰਹੇ ਹਨ।

 

Check Also

ਪੰਜਾਬ ’ਚ ਹੁਣ ਦਸਤਾਵੇਜ਼ ਤਸਦੀਕ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ

ਪ੍ਰਸ਼ਾਸਨਿਕ ਸੁਧਾਰ ਵਿਭਾਗ ਨੇ ਆਨਲਾਈਨ ਵੈਰੀਫਿਕੇਸ਼ਨ ਲਈ ਸਾਰੇ ਪਟਵਾਰੀਆਂ ਦੀਆਂ ਲੌਗਇਨ ਆਈ.ਡੀਜ਼. ਬਣਾਈਆਂ : ਅਮਨ …