
ਰਾਹੁਲ ਗਾਂਧੀ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਪੁਰਣੇਸ਼ ਮੋਦੀ ਤੇ ਗੁਜਰਾਤ ਸਰਕਾਰ ਨੂੰ ਭੇਜਿਆ ਨੋਟਿਸ
ਅਹਿਮਦਾਬਦਾ/ਬਿਊਰੋ ਨਿਊਜ਼ : ਮਾਣਯੋਗ ਸੁਪਰੀਮ ਕੋਰਟ ਨੇ ਅੱਜ ਸ਼ੁੱਕਰਵਾਰ ਨੂੰ ਮੋਦੀ ਸਰਨੇਮ ਮਾਮਲੇ ’ਚ ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਦਾਖਲ ਕੀਤੀ ਗਈ ਪਟੀਸ਼ਨ ’ਤੇ ਸੁਣਵਾਈ ਕੀਤੀ। ਸੁਣਵਾਈ ਦੌਰਾਨ ਜਸਟਿਸ ਬੀ ਆਰ ਗਵਈ ਅਤੇ ਪ੍ਰਸ਼ਾਂਤ ਕੁਮਾਰ ਮਿਸ਼ਰਾ ਦੀ ਬੈਂਚ ਨੇ ਰਾਹੁਲ ਗਾਂਧੀ ਖਿਲਾਫ਼ ਸ਼ਿਕਾਇਤ ਦਰਜ ਕਰਵਾਉਣ ਵਾਲੇ ਪੁਰਣੇਸ਼ ਮੋਦੀ ਅਤੇ ਗੁਜਰਾਤ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ ਅਤੇ ਇਸ ਮਾਮਲੇ ਦੀ ਅਗਲੀ ਸੁਣਵਾਈ 4 ਅਗਸਤ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ 2019 ’ਚ ਇਕ ਰੈਲੀ ਦੌਰਾਨ ਕਿਹਾ ਸੀ ਕਿ ਸਾਰੇ ਚੋਰਾਂ ਦਾ ਸਰਨੇਮ ਮੋਦੀ ਕਿਉਂ ਹੈ। ਜਿਸ ਦੇ ਖਿਲਾਫ਼ ਭਾਜਪਾ ਵਿਧਾਇਕ ਪੁਰਣੇਸ਼ ਮੋਦੀ ਨੇ ਸ਼ਿਕਾਇਤ ਦਰਜ ਕਰਵਾਈ ਸੀ। ਇਸ ਮਾਮਲੇ ’ਚ ਸੂਰਤ ਦੀ ਸੈਸ਼ਨ ਕੋਰਟ ਨੇ ਰਾਹੁਲ ਗਾਂਧੀ ਨੂੰ 2 ਸਾਲ ਦੀ ਸਜ਼ਾ ਸੁਣਾਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਸੰਸਦ ਦੀ ਮੈਂਬਰਸ਼ਿਪ ਵੀ ਚਲੀ ਗਈ ਸੀ। ਸਜ਼ਾ ਖਿਲਾਫ਼ ਰਾਹੁਲ ਗਾਂਧੀ ਗੁਜਰਾਤ ਹਾਈ ਕੋਰਟ ਵੀ ਗਏ ਪ੍ਰੰਤੂ ਉਥੋਂ ਵੀ ਉਨ੍ਹਾਂ ਨੂੰ ਕੋਈ ਰਾਹਤ ਨਹੀਂ ਮਿਲੀ। ਜਿਸ ਤੋਂ ਬਾਅਦ ਉਨ੍ਹਾਂ ਨੇ ਲੰਘੀ 15 ਜੁਲਾਈ ਨੂੰ ਸਜ਼ਾ ’ਤੇ ਰੋਕ ਲਗਾਉਣ ਲਈ ਮਾਣਯੋਗ ਸੁਪਰੀਮ ਕੋਰਟ ਵਿਚ ਇਕ ਪਟੀਸ਼ਨ ਦਾਖਲ ਕੀਤੀ ਸੀ, ਜਿਸ ’ਤੇ ਸੁਪਰੀਮ ਕੋਰਟ ਵੱਲੋਂ ਅੱਜ ਸੁਣਵਾਈ ਕੀਤੀ ਗਈ। ਅਗਲੀ ਸੁਣਵਾਈ ਦੌਰਾਨ ਜੇਕਰ ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਵੀ ਕੋਈ ਰਾਹਤ ਨਾ ਮਿਲੀ ਤਾਂ ਉਹ 2031 ਤੱਕ ਕੋਈ ਚੋਣ ਨਹੀਂ ਲੜ ਸਕਣਗੇ।