ਗੁਰਬਾਣੀ ਦੇ ਸਿੱਧੇ ਪ੍ਰਸਾਰਣ ਦੀ ਸੇਵਾ ਪੰਜਾਬ ਸਰਕਾਰ ਨੂੰ ਬਖਸ਼ੇ ਸ਼ੋ੍ਰਮਣੀ ਕਮੇਟੀ
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਐਸਜੀਪੀਸੀ ਨੂੰ ਕੀਤੀ ਅਪੀਲ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਨੂੰ ਲੈ ਕੇ ਇਕ ਟਵੀਟ ਕੀਤਾ ਹੈ, ਜਿਸ ’ਚ ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਨੂੰ 24 ਜੁਲਾਈ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਬਾਰੇ ਸਪੱਸ਼ਟ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਰੇ ਚੈਨਲਾਂ ਨੂੰ ਮੁਫ਼ਤ ਅਤੇ ਫਰੀ ਟੂ ਏਅਰ ਪ੍ਰਸਾਰਣ ਕਰ ਦੇਣਾ ਚਾਹੀਦਾ ਹੈ ਅਤੇ ਜੇਕਰ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਹ ਮੌਕਾ ਪੰਜਾਬ ਸਰਕਾਰ ਨੂੰ ਦੇ ਦੇਵੇ ਤਾਂ ਅਸੀਂ 24 ਘੰਟਿਆਂ ਦੇ ਅੰਦਰ-ਅੰਦਰ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਲਈ ਸਾਰੇ ਪ੍ਰਬੰਧ ਕਰ ਦਿਆਂਗੇ। ਉਧਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼ੋ੍ਰਮਣੀ ਕਮੇਟੀ ਨੂੰ ਹਦਾਇਤ ਕੀਤੀ ਹੈ ਕਿ ਜਦੋਂ ਤੱਕ ਗੁਰਬਾਣੀ ਪ੍ਰਸਾਰਣ ਲਈ ਆਪਣੇ ਚੈਨਲ ਦਾ ਪ੍ਰਬੰਧ ਨਹੀਂ ਹੋ ਜਾਂਦਾ ਉਦੋਂ ਤੱਕ ਸੰਗਤਾਂ ਦੀਆਂ ਭਾਵਨਾਵਾਂ ਨੂੰ ਦੇਖਦੇ ਹੋਏ ਯੂ ਟਿਊਬ ਚੈਨਲ ਦੇ ਨਾਲ ਕਿਸੇ ਹੋਰ ਚੈਨਲ ਤੋਂ ਵੀ ਗੁਰਬਾਣੀ ਪ੍ਰਸਾਰਣ ਦਾ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ। ਜਦਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਬਾਣੀ ਪ੍ਰਸਾਰਣ ਮਾਮਲੇ ਵਿਚ ਅਹਿਮ ਫੈਸਲਾ ਲੈਂਦਿਆਂ ਅਲਗੇ ਪ੍ਰਬੰਧਾਂ ਤੱਕ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਹਦਾਇਤ ’ਤੇ ਅਮਲ ਕਰਦਿਆਂ ਪੀਟੀਸੀ ਚੈਨਲ ਤੋਂ ਹੀ ਗੁਰਬਾਣੀ ਦੇ ਪ੍ਰਸਾਰਣ ਨੂੰ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਹੋਈ ਅੱਜ ਹੋਈ ਇਕੱਤਰਤਾ ਉਪਰੰਤ ਗੱਲਬਾਤ ਕਰਦਿਆਂ ਸ਼ੋ੍ਰਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਹੈ। ਇਸ ਸਬੰਧੀ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਇਕ ਪੱਤਰ ਚੈਨਲ ਦੇ ਪ੍ਰਬੰਧਕਾਂ ਨੂੰ ਵੀ ਭੇਜਿਆ ਗਿਆ।