ਮਨਿੰਦਰਜੀਤ ਸਿੰਘ ਬੇਦੀ ਪੰਜਾਬ ਦੇ ਐਡੀਸ਼ਨਲ ਐਡਵੋਕੇਟ ਜਨਰਲ ਨਿਯੁਕਤ
ਬੇਦੀ ਨੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਮਨਿੰਦਰਜੀਤ ਸਿੰਘ ਬੇਦੀ ਨੂੰ ਪੰਜਾਬ ਦਾ ਨਵਾਂ ਐਡੀਸ਼ਨਲ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ। ਐਡਵੋਕੇਟ ਬੇਦੀ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪ੍ਰੈਕਟਿਸ ਕਰ ਰਹੇ ਹਨ ਅਤੇ ਉਨ੍ਹਾਂ ਦੇ ਪਿਤਾ ਸਵਰਗੀ ਇੰਦਰਜੀਤ ਸਿੰਘ ਬੇਦੀ ਵੀ ਰਾਮਪੁਰਾ ਫੂਲ ਵਿਖੇ ਵਕਾਲਤ ਕਰਦੇ ਸਨ। ਮਨਿੰਦਰਜੀਤ ਸਿੰਘ ਬੇਦੀ ਪੰਜਾਬ ਦੇ ਸਭ ਤੋਂ ਛੋਟੀ ਉਮਰ ਦੇ ਐਡੀਸ਼ਨਲ ਐਡਵੋਕੇਟ ਜਨਰਲ ਨਿਯੁਕਤ ਹੋਏ ਹਨ, ਜੋ ਉਨ੍ਹਾਂ ਲਈ ਬਹੁਤ ਵੱਡੀ ਪ੍ਰਾਪਤੀ ਹੈ। ਉਹ ਪਿਛਲੇ ਲੰਬੇ ਸਮੇਂ ਤੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਨੂੰ ਅਰਵਿੰਦ ਕੇਜਰੀਵਾਲ ਦੇ ਨਜ਼ਦੀਕੀਆਂ ਵਿਚੋਂ ਇਕ ਮੰਨਿਆ ਜਾਂਦਾ ਹੈ। ਮਨਿੰਦਰਜੀਤ ਸਿੰਘ ਬੇਦੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦਾ ਐਡੀਸ਼ਨਲ ਐਡਵੋਕੇਟ ਜਨਰਲ ਬਣਨਾ ਉਨ੍ਹਾਂ ਦੇ ਲਈ ਬਹੁਤ ਮਾਣ ਵਾਲੀ ਗੱਲ ਹੈ। ਉਹ ਇਸ ਨਿਯੁਕਤੀ ਦੇ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਹੁਤ ਧੰਨਵਾਦ ਕਰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਤਰ੍ਹਾਂ ਤਨਦੇਹੀ ਨਾਲ ਨਿਭਾਉਣਗੇ।