ਮਨੀਪੁਰ ਮੁੱਦੇ ’ਤੇ ਸਭਾਪਤੀ ਨਾਲ ਹੋਈ ਬਹਿਸ
ਨਵੀਂ ਦਿੱਲੀ/ਬਿਊਰੋ ਨਿਊਜ਼
ਸੰਸਦ ਦੇ ਮਾਨਸੂਨ ਸੈਸ਼ਨ ਦੇ ਅੱਜ ਤੀਜੇ ਦਿਨ ਮਨੀਪੁਰ ਮੁੱਦੇ ’ਤੇ ਸਦਨ ’ਚ ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਮਾਨਸੂਨ ਸੈਸ਼ਨ ਦੀ ਬਾਕੀ ਮਿਆਦ ਲਈ ਮੁਅੱਤਲ ਕਰ ਦਿੱਤਾ ਹੈ। ਰਾਜ ਸਭਾ ਵਿਚ ਮਨੀਪੁਰ ਮੁੱਦੇ ’ਤੇ ਹੋਈ ਬਹਿਸ ਦੇ ਚੱਲਦਿਆਂ ਸਭਾਪਤੀ ਨੇ ਸੰਜੇ ਸਿੰਘ ਨੂੰ ਮੁਅੱਤਲ ਕੀਤਾ ਹੈ। ਰਾਜ ਸਭਾ ਵਿਚ ਕੇਂਦਰੀ ਮੰਤਰੀ ਪੀਊਸ਼ ਗੋਇਲ ਨੇ ਸੰਜੇ ਸਿੰਘ ਨੂੰ ਮੁਅੱਤਲ ਕਰਨ ਦਾ ਮਤਾ ਲਿਆਂਦਾ ਅਤੇ ਇਹ ਮਤਾ ਪਾਸ ਵੀ ਹੋ ਗਿਆ। ਜਿਸ ਤੋਂ ਬਾਅਦ ਸਭਾਪਤੀ ਨੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਦੇ ਖਿਲਾਫ ਕਾਰਵਾਈ ਕੀਤੀ ਹੈ। ਸੰਸਦ ਦੇ ਦੋਵੇਂ ਸਦਨਾਂ ਵਿਚ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਮਨੀਪੁਰ ਮੁੱਦੇ ’ਤੇ ਜੰਮ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਦੀ ਮੰਗ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਸਦ ਦੇ ਦੋਵੇਂ ਸਦਨਾਂ ਵਿਚ ਮਨੀਪੁਰ ਮਾਮਲੇ ’ਤੇ ਬਿਆਨ ਦੇਣ। ਉਧਰ ਦੂਜੇ ਪਾਸੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਅਸੀਂ ਮਨੀਪੁਰ ਮਾਮਲੇ ’ਤੇ ਸੰਸਦ ਵਿਚ ਚਰਚਾ ਕਰਨ ਲਈ ਤਿਆਰ ਹਾਂ।