ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਅਗਲੇ ਦੋ ਦਿਨ ਮੌਸਮ ਖਰਾਬ ਰਹਿ ਸਕਦਾ ਹੈ ਅਤੇ ਭਾਰੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਅਨੁਸਾਰ ਬੁੱਧਵਾਰ ਅਤੇ ਵੀਰਵਾਰ ਨੂੰ ਪੂਰੇ ਪੰਜਾਬ ਵਿਚ ਭਾਰੀ ਮੀਂਹ ਪੈਣ ਦੇ ਆਸਾਰ ਹਨ। ਇਸੇ ਦੌਰਾਨ ਘੱਗਰ ਦੇ ਕਿਨਾਰਿਆਂ ਨੂੰ ਵੀ ਮਜ਼ਬੂਤ ਕਰਨ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਘੱਗਰ ਦੇ ਪਾਣੀ ਦੇ ਵਹਾਅ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਇਸੇ ਦੌਰਾਨ ਜਲੰਧਰ ਜ਼ਿਲ੍ਹੇ ਦੇ ਸ਼ਾਹਕੋਟ ਦੀ ਤਹਿਸੀਲ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰ ਦੇ ਚਾਰ ਸਕੂਲਾਂ ਵਿਚ ਜ਼ਿਲ੍ਹਾ ਪ੍ਰਸਾਸ਼ਨ ਨੇ ਛੁੱਟੀਆਂ ਵਧਾ ਦਿੱਤੀਆਂ ਹਨ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਪ੍ਰਾਇਮਰੀ ਸਕੂਲ ਮੁੰਡੀਆਂ ਚੋਲਿਆਂ, ਮੁੰਡੀਆਂ ਸ਼ਹਿਰੀਆਂ, ਧੱਕਾ ਬਸਤੀ ਅਤੇ ਮੁੰਡੀ ਕਾਸੂ ਨੂੰ 26 ਜੁਲਾਈ ਤੱਕ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਨੇ ਆਪਣੇ ਨਿਰਦੇਸ਼ ਵਿਚ ਕਿਹਾ ਕਿ ਇਹ ਚਾਰੋਂ ਸਕੂਲਾਂ ਵਿਚ ਇਸ ਲਈ ਫਿਲਹਾਲ ਛੁੱਟੀਆਂ ਕੀਤੀਆਂ ਜਾ ਰਹੀਆਂ ਹਨ, ਕਿਉਂਕਿ ਇਨ੍ਹਾਂ ਪਿੰਡਾਂ ਵਿਚ ਹੜ੍ਹ ਦਾ ਪਾਣੀ ਭਰਿਆ ਹੋਇਆ ਹੈ। ਘਰ, ਸਕੂਲ, ਰਸਤੇ ਅਤੇ ਖੇਤ ਸਭ ਪਾਣੀ ਵਿਚ ਡੁੱਬੇ ਹੋਏ ਹਨ ਅਤੇ ਜਨਜੀਵਨ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਲੋਕਾਂ ਦੇ ਜਾਨ ਮਾਲ ਦੀ ਸੁਰੱਖਿਆ ਦੇ ਮੱਦੇਨਜ਼ਰ ਸਕੂਲਾਂ ਨੂੰ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ।