ਪੰਜਾਬੀ ਨੌਜਵਾਨਾਂ ਨੂੰ ਮੁਫਤ ’ਚ ਸਿਖਾਈ ਜਾਵੇਗੀ ਅੰਗਰੇਜ਼ੀ
ਪੰਜਾਬ ਸਰਕਾਰ ਦਾ ਬਿ੍ਰਟਿਸ਼ ਕਾਊਂਸਿਲ ਨਾਲ ਹੋਇਆ ਸਮਝੌਤਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਨੌਜਵਾਨਾਂ ਨੂੰ ਸੂਬਾ ਸਰਕਾਰ ਮੁਫਤ ਵਿਚ ਅੰਗਰੇਜ਼ੀ ਭਾਸ਼ਾ ਸਿਖਾਏਗੀ। ਅੰਗਰੇਜ਼ੀ ਦੀ ਬਿਹਤਰ ਕੋਚਿੰਗ ਦਿਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਵਲ ਸਕੱਤਰੇਤ ਵਿਚ ਬਿ੍ਰਟਿਸ਼ ਕਾਊਂਸਿਲ ਨਾਲ ਇਕ ਐਮ.ਓ.ਯੂ. ਵੀ ਸਾਈਨ ਕੀਤਾ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਬਿ੍ਰਟਿਸ਼ ਕਾਊਂਸਿਲ ਦੇ ਵਫਦ ਨਾਲ ਮੁਲਾਕਾਤ ਵੀ ਕੀਤੀ। ਸੀਐਮ ਮਾਨ ਨੇ ਵੱਖ-ਵੱਖ ਵਿਸ਼ਿਆਂ ’ਤੇ ਸਬੰਧਤ ਮੰਤਰੀਆਂ ਅਤੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਵੀ ਚਰਚਾ ਕੀਤੀ ਹੈ। ਪੰਜਾਬ ਸਰਕਾਰ ਵਲੋਂ ਅੰਗਰੇਜ਼ੀ ਭਾਸ਼ਾ ਸਿੱਖਣ ਦੇ ਲਈ ਪਹਿਲੇ ਬੈਚ ਵਿਚ ਪੰਜ ਹਜ਼ਾਰ ਵਿਦਿਆਰਥੀ ਸ਼ਾਮਲ ਕੀਤੇ ਜਾਣਗੇ। ਇਸ ਸਬੰਧੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਵਿਦਿਆਰਥੀਆਂ ਲਈ ਮੁਫਤ ਬੱਸ ਸੇਵਾ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪੰਜਾਬ ਯੂਨੀਵਰਸਿਟੀ ਵਿਚ ਹੋਸਟਲ ਬਣਾਉਣ ਦੇ ਮਾਮਲੇ ’ਤੇ ਵੀ ਵਿਚਾਰ ਕੀਤਾ ਜਾਵੇਗਾ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਸੂਬੇ ਵਿਚ ਸਿੱਖਿਆ ਅਤੇ ਸਿਹਤ ਖੇਤਰ ਨੂੰ ਮਿਸਾਲ ਦੇ ਰੂਪ ਵਿਚ ਪੇਸ਼ ਕਰਨ ਦੀਆਂ ਕੋਸ਼ਿਸ਼ਾਂ ਵਿਚ ਹੈ। ਇਸਦੇ ਚੱਲਦਿਆਂ ਸਿੱਖਿਆ ਦੇ ਖੇਤਰ ਵਿਚ ਸੂਬੇ ’ਚ ਸਕੂਲ ਆਫ ਐਮੀਨੈਂਸ ਖੋਲ੍ਹੇ ਜਾ ਰਹੇ ਹਨ।