ਆਮ ਆਦਮੀ ਪਾਰਟੀ ਨੇ ਮਣੀਪੁਰ ਹਿੰਸਾ ਖਿਲਾਫ ਚੰਡੀਗੜ੍ਹ ’ਚ ਕੀਤਾ ਪ੍ਰਦਰਸ਼ਨ
ਭਾਜਪਾ ਦਫ਼ਤਰ ਦਾ ਘਿਰਾਓ ਕਰਨ ਜਾਂਦੇ ‘ਆਪ’ ਵਿਧਾਇਕਾਂ ਨੂੰ ਚੰਡੀਗੜ੍ਹ ਪੁਲਿਸ ਨੇ ਕੀਤਾ ਗਿ੍ਰਫ਼ਤਾਰ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਵੱਲੋਂ ਮਣੀਪੁਰ ’ਚ ਹੋ ਰਹੀਆਂ ਹਿੰਸਕ ਘਟਨਾਵਾਂ ਅਤੇ ਔਰਤਾਂ ’ਤੇ ਹੋ ਰਹੇ ਜੁਲਮਾਂ ਖਿਲਾਫ ਅੱਜ ਚੰਡੀਗੜ੍ਹ ’ਚ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਹ ਰੋਸ ਪ੍ਰਦਰਸ਼ਨ ਐਮ ਐਲ ਏ ਹੋਸਟਲ ਤੋਂ ਸ਼ੁਰੂ ਹੋਇਆ ਜਿਸ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ, ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪਿ੍ਰੰਸੀਪਲ ਬੁੱਧਰਾਮ ਧੀਮਾਨ ਅਤੇ ਕੈਬਨਿਟ ਮੰਤਰੀ ਬੀਬੀ ਬਲਜੀਤ ਕੌਰ ਵੀ ਮੌਜੂਦ ਸਨ। ਇਕੱਠ ਨੂੰ ਸੰਬੋਧਨ ਕਰਦਿਆਂ ਬੀਬੀ ਬਲਜੀਤ ਕੌਰ ਨੇ ਕਿਹਾ ਕਿ ਭਾਜਪਾ ਬੇਟੀ ਬਚਾਓ ਅਤੇ ਬੇਟੀ ਪੜ੍ਹਾਓ ਦਾ ਨਾਅਰਾ ਤਾਂ ਜ਼ਰੂਰ ਦਿੰਦੀ ਹੈ ਪ੍ਰੰਤੂ ਉਸੇ ਦੇਸ਼ ’ਚ ਔਰਤਾਂ ਨੂੰ ਨਿਰਵਸਤਰ ਕਰਕੇ ਘੁਮਾਇਆ ਜਾਂਦਾ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਵਰਕਰਾਂ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਰੋਸ ਪ੍ਰਦਰਸ਼ਨ ਤੋਂ ਬਾਅਦ ਜਦੋਂ ‘ਆਪ’ ਵਿਧਾਇਕ ਅਤੇ ਵਰਕਰ ਜਦੋਂ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਲਈ ਅੱਗੇ ਵਧੇ ਤਾਂ ਚੰਡੀਗੜ੍ਹ ਪੁਲਿਸ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਅੱਗੇ ਜਾਣ ਤੋਂ ਰੋਕ ਲਿਆ। ਜਦੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ ਤਾਂ ਚੰਡੀਗੜ੍ਹ ਪੁਲਿਸ ਵੱਲੋਂ ਉਨ੍ਹਾਂ ਉਪਰ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ। ਇਸ ਦੌਰਾਨ ‘ਆਪ’ ਵਰਕਰਾਂ ਅਤੇ ਚੰਡੀਗੜ੍ਹ ਪੁਲਿਸ ਦਰਮਿਆਨ ਧੱਕਾ-ਮੁੱਕੀ ਵੀ ਹੋਈ ਅਤੇ ਪੁਲਿਸ ਨੇ ਕੁਝ ‘ਆਪ’ ਵਿਧਾਇਕਾਂ ਨੂੰ ਹਿਰਾਸਤ ਵਿਚ ਲੈ ਲਿਆ।