ਰਾਜਾ ਵੜਿੰਗ ਨੇ ਸਾਧਿਆ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਿਆਸੀ ਨਿਸ਼ਾਨਾ
ਕਿਹਾ : ਆਪਣੇ ਵਿਧਾਇਕਾਂ ਨੂੰ ਲੋਕਾਂ ਨਾਲ ਚੰਗਾ ਵਿਵਹਾਰ ਕਰਨਾ ਸਿਖਾਓ
ਚੰਡੀਗੜ੍ਹ/ਬਿਊਰੋ ਨਿਊਜ਼ : ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਿਆਸੀ ਨਿਸ਼ਾਨਾ ਸਾਧਿਆ। ਉਨ੍ਹਾਂ ਟਵੀਟ ਕਰਦੇ ਹੋਏ ਲਿਖਿਆ ਕਿ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦਾ ਮਾੜਾ ਅਤੇ ਸਨਕੀ ਵਿਵਹਾਰ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਉਨ੍ਹਾਂ ਅੱਗੇ ਲਿਖਿਆ ਕਿ ਆਮ ਆਦਮੀ ਪਾਰਟੀ ਦੇ ਵਿਧਾਇਕਾਂ ’ਚ ਤਜ਼ਰਬੇ ਦੀ ਘਾਟ ਅਤੇ ਉਨ੍ਹਾਂ ਦਾ ਲੋੜੋਂ ਵੱਧ ਹੰਕਾਰ ਪੰਜਾਬ ਨੂੰ ਮਹਿੰਗਾ ਪੈ ਰਿਹਾ ਹੈ, ਕਿਉਂਕਿ ਮੁਲਾਜ਼ਮਾਂ ਵੱਲੋਂ ਹੜਤਾਲਾਂ ਕੀਤੀਆਂ ਜਾਂਦੀਆਂ ਜਿਸ ਕਾਰਨ ਆਮ ਆਦਮੀ ਪ੍ਰਭਾਵਿਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਹੜ੍ਹਾਂ, ਬਿਜਲੀ ਕੱਟਾਂ ਅਤੇ ਫਸਲਾਂ ਦੇ ਹੋਏ ਨੁਕਸਾਨ ਕਾਰਨ ਪਹਿਲਾਂ ਹੀ ਤਣਾਅ ਨਾਲ ਜੂਝ ਰਿਹਾ ਹੈ ਅਤੇ ਮੁੱਖ ਮੰਤਰੀ ਜੀ ਕਿਰਪਾ ਕਰਕੇ ਤੁਸੀਂ ਆਪਣੇ ਵਿਧਾਇਕਾਂ ਨੂੰ ਲੋਕਾਂ ਨਾਲ ਚੰਗਾ ਵਿਵਹਾਰ ਕਰਨਾ ਸਿਖਾਓ। ਧਿਆਨ ਰਹੇ ਕਿ ਲੰਘੇ ਦਿਨੀਂ ਰੋਪੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਿਨੇਸ਼ ਚੱਢਾ ’ਤੇ ਮਾਲ ਵਿਭਾਗ ਦੇ ਕਰਮਚਾਰੀਆਂ ਨੇ ਦੁਰਵਿਵਹਾਰ ਕਰਨ ਦੇ ਆਰੋਪ ਲਗਾਏ ਸਨ। ਜਿਸ ਤੋਂ ਬਾਅਦ ਮਾਲ ਵਿਭਾਗ, ਐਸਡੀਐਮ ਦਫ਼ਤਰ ਅਤੇ ਪੰਜਾਬ ਦੇ ਸਮੂਹ ਡੀਸੀ ਦਫ਼ਤਰਾਂ ਦੇ ਕਰਮਚਾਰੀ ਹੜਤਾਲ ’ਤੇ ਹਨ। ਉਧਰ ਜੈਤੋ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮੋਲਕ ਸਿੰਘ ’ਤੇ ਵੀ ਚੰਡੀਗੜ੍ਹ ਪੁਲਿਸ ਦੇ ਐਸਆਈ ਨਾਲ ਦੁਰਵਿਵਾਰ ਕਰਨ ਦੇ ਆਰੋਪ ਲੱਗੇ ਸਨ, ਜਿਸ ਦੇ ਚਲਦਿਆਂ ਚੰਡੀਗੜ੍ਹ ਪੁਲਿਸ ਵੱਲੋਂ ਲੰਘੇ ਦਿਨੀਂ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕੀਤਾ ਸੀ।