ਸੁਨੀਲ ਜਾਖੜ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਕੀਤੀ ਮੁਲਾਕਾਤ
ਪੰਜਾਬ ’ਚ ਹੜ੍ਹਾਂ ਨਾਲ ਹੋਏ ਨੁਕਸਾਨ ਸਬੰਧੀ ਕੀਤੀ ਚਰਚਾ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਵੀਰਵਾਰ ਨੂੰ ਰਾਜਪਾਲ ਭਵਨ ਵਿਖੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਉਨ੍ਹਾਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੰਜਾਬ ’ਚ ਹੜ੍ਹਾਂ ਕਾਰਨ ਹੋਏ ਨੁਕਸਾਨ ਬਾਰੇ ਜਾਣੂ ਕਰਵਾਇਆ। ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਆਗੂ ਰਾਜ ਕੁਮਾਰ ਵੇਰਕਾ, ਬਲਬੀਰ ਸਿੱਧੂ, ਗੁਰਪ੍ਰੀਤ ਕਾਂਗੜ ਅਤੇ ਬੀਬੀ ਜੈਇੰਦਰ ਕੌਰ ਵੀ ਮੌਜੂਦ ਸਨ। ਮੀਡੀਆ ਨਾਲ ਗੱਲਬਾਤ ਕਰਦਿਆਂ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਲਾਪਰਵਾਹੀ ਕਰਕੇ ਪੰਜਾਬ ’ਚ ਹੜ੍ਹਾਂ ਨੇ ਤਬਾਹੀ ਮਚਾਈ ਹੈ ਅਤੇ ਉਨ੍ਹਾਂ ਪੰਜਾਬ ਵਿਚ ਆਏ ਹੜ੍ਹਾਂ ਲਈ ਸਿੱਧੇ ਤੌਰ ’ਤੇ ਭਗਵੰਤ ਮਾਨ ਸਰਕਾਰ ਜ਼ਿੰਮੇਵਾਰ ਠਹਿਰਾਇਆ। ਜਾਖੜ ਨੇ ਪੰਜਾਬ ਸਰਕਾਰ ’ਤੇ ਆਰੋਪ ਲਗਾਇਆ ਕਿ ਬਰਸਾਤੀ ਨਾਲਿਆਂ ਅਤੇ ਨਦੀਆਂ ਦੀ ਸਰਕਾਰ ਵੱਲੋਂ ਸਮੇਂ ਸਿਰ ਸਫਾਈ ਨਹੀਂ ਕਰਵਾਈ ਗਈ, ਜਿਸ ਦੇ ਚਲਦਿਆਂ ਪੰਜਾਬ ਨੂੰ ਹੜ੍ਹਾਂ ਦੀ ਮਾਰ ਝੱਲਣੀ ਪਈ। ਸੁਨੀਲ ਜਾਖੜ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਹੜ੍ਹਾਂ ਦੇ ਮਾਮਲੇ ’ਚ ਪੰਜਾਬ ਸਰਕਾਰ ਦੀ ਜਵਾਬਦੇਹੀ ਤੈਅ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਵਿਚ ਹੜ੍ਹਾਂ ਕਾਰਨ ਭਿਆਨਕ ਬਿਮਾਰੀਆਂ ਫੈਲ ਰਹੀਆਂ ਹਨ ਅਤੇ ਸੂਬਾ ਸਰਕਾਰ ਵੱਲੋਂ ਪਿੰਡਾਂ ਵਿਚ ਫੈਲ ਰਹੀਆਂ ਬਿਮਾਰੀਆਂ ਦੀ ਰੋਕਥਾਮ ਲਈ ਹੁਣ ਤੱਕ ਕੋਈ ਵੀ ਕਾਰਗਰ ਕਦਮ ਨਹੀਂ ਚੁੱਕਿਆ ਗਿਆ।