ਮੁੱਖ ਮੰਤਰੀ ਭਗਵੰਤ ਮਾਨ ਨੇ ਮਣੀਪੁਰ ’ਚ ਰਾਸ਼ਟਰਪਤੀ ਰਾਜ ਲਗਾਉਣ ਦੀ ਕੀਤੀ ਮੰਗ
ਕਿਹਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਣੀਪੁਰ ਘਟਨਾਕ੍ਰਮ ਸਬੰਧੀ ਸੰਸਦ ’ਚ ਦੇਣ ਜਵਾਬ
ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਮੁਅੱਤਲ ਸੰਸਦ ਮੈਂਬਰ ਸੰਜੇ ਸਿੰਘ ਦਾ ਮਣੀਪੁਰ ’ਚ ਹੋ ਰਹੀ ਹਿੰਸਾ ਖਿਲਾਫ਼ ਸੰਸਦ ਕੰਪਲੈਕਸ ’ਚ ਪ੍ਰਦਰਸ਼ਨ ਚੌਥੇ ਦਿਨ ਵੀ ਜਾ ਰਿਹਾ। ਅੱਜ ਦੇ ਰੋਸ ਪ੍ਰਦਰਸ਼ਨ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸ਼ਮੂਲੀਅਤ ਕੀਤੀ ਅਤੇ ਉਨ੍ਹਾਂ ਸੰਸਦ ਮੈਂਬਰ ਸੰਜੇ ਸਿੰਘ ਨਾਲ ਮੁਲਾਕਾਤ ਵੀ ਕੀਤੀ। ਦੋਵੇਂ ਆਗੂਆਂ ਵਿਚਾਲੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀਆਂ ਨੀਤੀਆਂ ’ਤੇ ਚਰਚਾ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਵੱਲੋਂ ਵਿਰੋਧੀ ਧਿਰਾਂ ਨੂੰ ਅਣਦੇਖਿਆ ਕਰਨਾ ਕੋਈ ਨਵੀਂ ਗੱਲ ਨਹੀਂ। ਭਾਜਪਾ ਵਿਰੋਧੀ ਧਿਰਾਂ ਦੀ ਗੱਲ ਨੂੰ ਅਣਸੁਣਿਆ ਕਰਕੇ ਅਤੇ ਸ਼ੋਰ-ਸ਼ਰਾਬੇ ਦੌਰਾਨ ਬਿਲ ਪਾਸ ਕਰਨ ਦੀ ਨੀਤੀ ’ਤੇ ਚਲਦੀ ਹੈ। ਉਨ੍ਹਾਂ ਕਿਹਾ ਕਿ ਨਫ਼ਰਤ ਦੀ ਰਾਜਨੀਤੀ ਦੇਸ਼ ਦੇ ਲਈ ਘਾਤਕ ਸਾਬਤ ਹੋਵੇਗੀ ਕਿਉਂਕਿ ਮਣੀਪੁਰ ਦੀ ਹਿੰਸਾ ਨਫਰਤ ਦੀ ਰਾਜਨੀਤੀ ਦਾ ਹਿੱਸਾ ਹੈ। ਕੇਂਦਰ ਸਰਕਾਰ ’ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਮਣੀਪੁਰ ਦਾ ਰਾਜਪਾਲ ਵੀ ਕੇਂਦਰ ਸਰਕਾਰ ਦਾ ਹੀ ਪ੍ਰਤੀਨਿਧ ਹੈ ਅਤੇ ਰਾਜਪਾਲ ਉਥੇ ਹੀ ਕਰ ਰਹੇ ਹਨ। ਜਦਕਿ ਪੰਜਾਬ ’ਚ ਰਾਜਪਾਲ ਛੋਟੀ-ਮੋਟੀ ਘਟਨਾ ’ਤੇ ਵੀ ਪੰਜਾਬ ਸਰਕਾਰ ਨੂੰ ਚਿੱਠੀ ਜਾਰੀ ਕਰ ਦਿੰਦੇ ਹਨ ਪ੍ਰੰਤੂ ਮਣੀਪੁਰ ਘਟਨਾਕ੍ਰਮ ’ਤੇ ਕੇਂਦਰ ਸਰਕਾਰ ਨੇ ਚੁੱਪੀ ਧਾਰੀ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਕੋਲੋਂ ਮੰਗ ਕੀਤੀ ਕਿ ਉਹ ਮਣੀਪੁਰ ’ਚ ਰਾਸ਼ਟਰਪਤੀ ਰਾਜ ਲਾਗੂ ਕਰ ਦੇਣ।