ਅਮਰੀਕਾ ਨੇ ਵੀ ਇਸ ਘਟਨਾ ਨੂੰ ਦੱਸਿਆ ਖੌਫਨਾਕ
ਨਵੀਂ ਦਿੱਲੀ/ਬਿਊਰੋ ਨਿਊਜ਼ : ਮਨੀਪੁਰ ਦੇ ਕਾਂਗਪੋਕਪੀ ਜ਼ਿਲ੍ਹੇ ‘ਚ ਦੋ ਔਰਤਾਂ ਨੂੰ ਭੀੜ ਵੱਲੋਂ ਨਗਨ ਘੁਮਾਏ ਜਾਣ ਦਾ ਵੀਡੀਓ 19 ਜੁਲਾਈ ਨੂੰ ਸਾਹਮਣੇ ਆਇਆ ਸੀ ਜਿਸ ਦੀ ਪੂਰੇ ਦੇਸ਼ ਅਤੇ ਵਿਦੇਸ਼ਾਂ ‘ਚ ਵੀ ਨਿੰਦਾ ਕੀਤੀ ਗਈ ਹੈ। ਇਸਦੇ ਚੱਲਦਿਆਂ ਲੋਕ ਸਭਾ ਅਤੇ ਰਾਜ ਸਭਾ ਵਿਚ ਲਗਾਤਾਰ ਕਾਂਗਰਸ ਅਤੇ ਆਮ ਆਦਮੀ ਪਾਰਟੀ ਸਣੇ ਹੋਰ ਵਿਰੋਧੀ ਪਾਰਟੀਆਂ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ‘ਤੇ ਜੰਮ ਕੇ ਸਿਆਸੀ ਨਿਸ਼ਾਨੇ ਸਾਧੇ ਅਤੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰ ਮੰਗ ਕਰ ਰਹੇ ਹਨ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਨੀਪੁਰ ਘਟਨਾ ਮਾਮਲੇ ‘ਤੇ ਸੰਸਦ ਵਿਚ ਬਿਆਨ ਦੇਣ। ਇਸ ਨੂੰ ਲੈ ਕੇ ‘ਆਪ’ ਦੇ ਰਾਜ ਸਭਾ ਸੰਸਦ ਮੈਂਬਰ ਸੰਜੇ ਸਿੰਘ ਨੂੰ ਰਾਜ ਸਭਾ ਦੀ ਰਹਿੰਦੀ ਕਾਰਵਾਈ ਲਈ ਮੁਅੱਤਲ ਵੀ ਕਰ ਦਿੱਤਾ ਗਿਆ ਸੀ। ਇਸਦੇ ਚੱਲਦਿਆਂ ਵਿਰੋਧੀ ਧਿਰਾਂ ਦੇ ਸੰਸਦ ਮੈਂਬਰ ਸਦਨ ਵਿਚ ਕਾਲੇ ਕੱਪੜੇ ਪਹਿਨ ਕੇ ਪਹੁੰਚੇ। ਉਧਰ ਦੂਜੇ ਪਾਸੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਦੇ ਇਕ ਸੀਨੀਅਰ ਅਧਿਕਾਰੀ ਨੇ ਮਨੀਪੁਰ ‘ਚ ਦੋ ਔਰਤਾਂ ‘ਤੇ ਹਮਲੇ ਦੇ ਵੀਡੀਓ ਨੂੰ ‘ਖ਼ੌਫ਼ਨਾਕ ਅਤੇ ਪ੍ਰੇਸ਼ਾਨ’ ਕਰਨ ਵਾਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਇਨਸਾਫ ਦਿਵਾਉਣ ਲਈ ਭਾਰਤ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਹਮਾਇਤ ਕਰਦਾ ਹੈ। ਮਨੀਪੁਰ ਦੇ ਕਾਂਗਪੋਕਪੀ ਜ਼ਿਲ੍ਹੇ ‘ਚ ਦੋ ਔਰਤਾਂ ਨੂੰ ਭੀੜ ਵੱਲੋਂ ਨਗਨ ਘੁਮਾਏ ਜਾਣ ਦਾ ਵੀਡੀਓ 19 ਜੁਲਾਈ ਨੂੰ ਸਾਹਮਣੇ ਆਇਆ ਸੀ ਜਿਸ ਦੀ ਪੂਰੇ ਮੁਲਕ ‘ਚ ਨਿੰਦਾ ਕੀਤੀ ਗਈ ਹੈ। ਅਮਰੀਕੀ ਵਿਦੇਸ਼ ਮੰਤਰਾਲੇ ਦੇ ਉਪ ਤਰਜਮਾਨ ਵੇਦਾਂਤ ਪਟੇਲ ਨੇ ਕਿਹਾ, ”ਅਸੀਂ ਮਨੀਪੁਰ ‘ਚ ਦੋ ਔਰਤਾਂ ‘ਤੇ ਹਮਲੇ ਦੇ ਵੀਡੀਓ ਤੋਂ ਹੈਰਾਨ ਹਾਂ ਅਤੇ ਇਹ ਵੀਡੀਓ ਪ੍ਰੇਸ਼ਾਨ ਕਰਨ ਵਾਲਾ ਹੈ। ਅਸੀਂ ਲਿੰਗ ਆਧਾਰਿਤ ਹਿੰਸਾ ਦੀਆਂ ਸ਼ਿਕਾਰ ਔਰਤਾਂ ਪ੍ਰਤੀ ਹਮਦਰਦੀ ਜ਼ਾਹਿਰ ਕਰਦੇ ਹਾਂ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਦੀਆਂ ਭਾਰਤ ਸਰਕਾਰ ਦੀਆਂ ਕੋਸ਼ਿਸ਼ਾਂ ਦੀ ਹਮਾਇਤ ਕਰਦੇ ਹਾਂ।”
ਭਗਵੰਤ ਮਾਨ ਨੇ ਮਣੀਪੁਰ ‘ਚ ਰਾਸ਼ਟਰਪਤੀ ਰਾਜ ਲਗਾਉਣ ਦੀ ਕੀਤੀ ਮੰਗ
ਆਮ ਆਦਮੀ ਪਾਰਟੀ ਦੇ ਰਾਜ ਸਭਾ ‘ਚੋਂ ਮੁਅੱਤਲ ਸੰਸਦ ਮੈਂਬਰ ਸੰਜੇ ਸਿੰਘ ਦਾ ਮਨੀਪੁਰ ‘ਚ ਹੋ ਰਹੀ ਹਿੰਸਾ ਖਿਲਾਫ਼ ਸੰਸਦ ਕੰਪਲੈਕਸ ‘ਚ ਪ੍ਰਦਰਸ਼ਨ ਜਾਰੀ ਰਿਹਾ। ਇਸ ਰੋਸ ਪ੍ਰਦਰਸ਼ਨ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸ਼ਮੂਲੀਅਤ ਕੀਤੀ ਅਤੇ ਉਨ੍ਹਾਂ ਸੰਸਦ ਮੈਂਬਰ ਸੰਜੇ ਸਿੰਘ ਨਾਲ ਮੁਲਾਕਾਤ ਵੀ ਕੀਤੀ। ਦੋਵੇਂ ਆਗੂਆਂ ਵਿਚਾਲੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀਆਂ ਨੀਤੀਆਂ ‘ਤੇ ਚਰਚਾ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਵੱਲੋਂ ਵਿਰੋਧੀ ਧਿਰਾਂ ਨੂੰ ਅਣਦੇਖਿਆ ਕਰਨਾ ਕੋਈ ਨਵੀਂ ਗੱਲ ਨਹੀਂ। ਭਾਜਪਾ ਵਿਰੋਧੀ ਧਿਰਾਂ ਦੀ ਗੱਲ ਨੂੰ ਅਣਸੁਣਿਆ ਕਰਕੇ ਅਤੇ ਸ਼ੋਰ-ਸ਼ਰਾਬੇ ਦੌਰਾਨ ਬਿਲ ਪਾਸ ਕਰਨ ਦੀ ਨੀਤੀ ‘ਤੇ ਚਲਦੀ ਹੈ। ਉਨ੍ਹਾਂ ਕਿਹਾ ਕਿ ਨਫ਼ਰਤ ਦੀ ਰਾਜਨੀਤੀ ਦੇਸ਼ ਦੇ ਲਈ ਘਾਤਕ ਸਾਬਤ ਹੋਵੇਗੀ ਕਿਉਂਕਿ ਮਣੀਪੁਰ ਦੀ ਹਿੰਸਾ ਨਫਰਤ ਦੀ ਰਾਜਨੀਤੀ ਦਾ ਹਿੱਸਾ ਹੈ। ਕੇਂਦਰ ਸਰਕਾਰ ‘ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਮਣੀਪੁਰ ਦਾ ਰਾਜਪਾਲ ਵੀ ਕੇਂਦਰ ਸਰਕਾਰ ਦਾ ਹੀ ਪ੍ਰਤੀਨਿਧ ਹੈ ਅਤੇ ਰਾਜਪਾਲ ਉਥੇ ਹੀ ਕਰ ਰਹੇ ਹਨ। ਜਦਕਿ ਪੰਜਾਬ ‘ਚ ਰਾਜਪਾਲ ਛੋਟੀ-ਮੋਟੀ ਘਟਨਾ ‘ਤੇ ਵੀ ਪੰਜਾਬ ਸਰਕਾਰ ਨੂੰ ਚਿੱਠੀ ਜਾਰੀ ਕਰ ਦਿੰਦੇ ਹਨ ਪ੍ਰੰਤੂ ਮਣੀਪੁਰ ਘਟਨਾਕ੍ਰਮ ‘ਤੇ ਕੇਂਦਰ ਸਰਕਾਰ ਨੇ ਚੁੱਪੀ ਧਾਰੀ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਕੋਲੋਂ ਮੰਗ ਕੀਤੀ ਕਿ ਉਹ ਮਣੀਪੁਰ ‘ਚ ਰਾਸ਼ਟਰਪਤੀ ਰਾਜ ਲਾਗੂ ਕਰ ਦੇਣ।