Breaking News
Home / ਹਫ਼ਤਾਵਾਰੀ ਫੇਰੀ / ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦਾ ਹੋਇਆ ਦਿਹਾਂਤ

ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦਾ ਹੋਇਆ ਦਿਹਾਂਤ

ਲੁਧਿਆਣਾ/ਬਿਊਰੋ ਨਿਊਜ਼ : ‘ਪੁੱਤ ਜੱਟਾਂ ਦੇ’, ‘ਜੱਟ ਜਿਉਣਾ ਮੌੜ’ ਅਤੇ ‘ਯਾਰਾਂ ਦਾ ਟਰੱਕ ਬੱਲੀਏ’ ਜਿਹੇ ਯਾਦਗਾਰ ਗੀਤਾਂ ਲਈ ਜਾਣੇ ਜਾਂਦੇ ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦਾ ਲੰਮੀ ਬਿਮਾਰੀ ਤੋਂ ਬਾਅਦ ਲੁਧਿਆਣਾ ਦੇ ਡੀਐੱਮਸੀ ਹਸਪਤਾਲ ‘ਚ ਇਲਾਜ ਦੌਰਾਨ ਦਿਹਾਂਤ ਹੋ ਗਿਆ। 20 ਮਈ, 1953 ਵਿੱਚ ਜਨਮੇ ਛਿੰਦਾ ਨੇ ਕੁੱਝ ਦਿਨ ਪਹਿਲਾਂ ਆਪਰੇਸ਼ਨ ਕਰਵਾਇਆ ਸੀ, ਜਿਸ ਮਗਰੋਂ ਢਿੱਡ ‘ਚ ਇਨਫੈਕਸ਼ਨ ਵਧਣ ‘ਤੇ ਉਨ੍ਹਾਂ ਨੂੰ ਸਾਹ ਲੈਣ ‘ਚ ਪ੍ਰੇਸ਼ਾਨੀ ਹੋਣ ਲੱਗ ਪਈ ਸੀ। ਉਨ੍ਹਾਂ ਦੇ ਪਰਿਵਾਰ ‘ਚ ਪਤਨੀ ਜੋਗਿੰਦਰ ਕੌਰ, ਬੇਟੇ ਮਨਿੰਦਰ ਛਿੰਦਾ ਅਤੇ ਸਿਮਰਨ ਛਿੰਦਾ ਹਨ। ਜਿਵੇਂ ਹੀ ਸੁਰਿੰਦਰ ਛਿੰਦਾ ਦੇ ਦੇਹਾਂਤ ਦੀ ਖ਼ਬਰ ਫੈਲੀ ਤਾਂ ਪੰਜਾਬੀ ਗਾਇਕੀ ਤੇ ਫਿਲਮ ਇੰਡਸਟਰੀ ਦੇ ਨਾਲ ਨਾਲ ਉਨ੍ਹਾਂ ਦੇ ਚਾਹੁਣ ਵਾਲਿਆਂ ‘ਚ ਸੋਗ ਦੀ ਲਹਿਰ ਦੌੜ ਗਈ। ਉਨ੍ਹਾਂ ਆਪਣੇ ਕਰੀਅਰ ਦੌਰਾਨ ਕਈ ਮਕਬੂਲ ਫਿਲਮਾਂ ਵਿੱਚ ਆਪਣੀ ਅਦਾਕਾਰੀ ਦੇ ਜਲਵੇ ਵੀ ਦਿਖਾਏ ਸਨ ਜਿਨ੍ਹਾਂ ‘ਚ ‘ਪੁੱਤ ਜੱਟਾਂ ਦੇ’, ‘ਉੱਚਾ ਦਰ ਬਾਬੇ ਨਾਨਕ ਦਾ’ ਅਤੇ ‘ਬਦਲਾ ਜੱਟੀ ਦਾ’ ਸ਼ਾਮਲ ਹਨ। ਸੁਰਿੰਦਰ ਛਿੰਦਾ ਦੇ ਦੇਹਾਂਤ ਮਗਰੋਂ ਉਨ੍ਹਾਂ ਦੇ ਘਰ ਅਫ਼ਸੋਸ ਪ੍ਰਗਟ ਕਰਨ ਵਾਲਿਆਂ ਦਾ ਤਾਂਤਾ ਲੱਗ ਗਿਆ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਆਪਣੇ ਸਮਿਆਂ ਦਾ ਮਹਾਨ ਪੰਜਾਬੀ ਗਾਇਕ ਦੱਸਿਆ ਅਤੇ ਕਿਹਾ ਕਿ ਛਿੰਦਾ ਦੀ ਦਿਲ-ਟੁੰਬਵੀਂ ਆਵਾਜ਼ ਪੰਜਾਬੀ ਸੰਗੀਤ ਦੇ ਲੱਖਾਂ ਪ੍ਰੇਮੀਆਂ ਨੂੰ ਕੀਲ ਕੇ ਰੱਖ ਦਿੰਦੀ ਸੀ। ਉਨ੍ਹਾਂ ਕਿਹਾ ਕਿ ਸੁਰਿੰਦਰ ਛਿੰਦਾ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਜ਼ੁਬਾਨ ‘ਤੇ ਚੜ੍ਹੇ ਗੀਤਾਂ ਰਾਹੀਂ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਸਸਕਾਰ 29 ਜੁਲਾਈ ਨੂੰ ਲੁਧਿਆਣਾ ਵਿਖੇ ਕੀਤਾ ਜਾਵੇਗਾ।

Check Also

ਲੋਕ ਸਭਾ ਚੋਣਾਂ ‘ਚੋਂ ਲੋਕ ਮੁੱਦੇ ਗਾਇਬ ਸਿੱਠਣੀਆਂ ਦਾ ਦੌਰ ਸ਼ੁਰੂ

ਨਾ ਕਾਰਜਾਂ ਦੀ ਗੱਲ, ਨਾ ਯੋਜਨਾਵਾਂ ਦਾ ਹਵਾਲਾ-ਇਕ ਲੀਡਰ ਸਵਾਲ ਕਰਦਾ ਹੈ ਦੂਜਾ ਦਿੰਦਾ ਹੈ …