ਪੰਜ ਅਗਸਤ ਨੂੰ ਅਦਾਲਤ ‘ਚ ਪੇਸ਼ ਹੋਣ ਦੇ ਨਿਰਦੇਸ਼
ਨਵੀਂ ਦਿੱਲੀ : ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਨੇ ਸਿੱਖ ਵਿਰੋਧੀ ਕਤਲੇਆਮ ਨਾਲ ਸੰਬੰਧਿਤ ਮਾਮਲੇ ਵਿਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖਿਲਾਫ ਦਾਇਰ ਸੀ.ਬੀ.ਆਈ. ਦੀ ਚਾਰਜਸ਼ੀਟ ‘ਤੇ ਨੋਟਿਸ ਲਿਆ ਹੈ। ਅਦਾਲਤ ਨੇ ਨੋਟਿਸ ਲੈਂਦਿਆਂ ਜਗਦੀਸ਼ ਟਾਈਟਲਰ ਨੂੰ ਸੰਮਨ ਜਾਰੀ ਕਰਕੇ 5 ਅਗਸਤ ਨੂੰ ਅਦਾਲਤ ‘ਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। ਇਸਦੇ ਚੱਲਦਿਆਂ ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਵਲੋਂ ਇਕ ਟਵੀਟ ਸਾਂਝਾ ਕੀਤਾ ਗਿਆ ਹੈ, ਜਿਸ ਵਿਚ ਉਨ੍ਹਾਂ ਕਿਹਾ ਕਿ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਮਾਮਲੇ ‘ਚ ਦਾਇਰ ਸੀ.ਬੀ.ਆਈ. ਦੀ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਦਿੱਲੀ ਰਾਊਜ਼ ਐਵੇਨਿਊ ਕੋਰਟ ਨੇ ਜਗਦੀਸ਼ ਟਾਈਟਲਰ ਨੂੰ ਸੰਮਨ ਜਾਰੀ ਕੀਤਾ ਹੈ।
ਉਨ੍ਹਾਂ ਕਿਹਾ ਕਿ ਅਸੀਂ 39 ਸਾਲਾਂ ਤੋਂ ਇਹ ਲੜਾਈ ਲੜੀ ਹੈ ਅਤੇ ਅਸੀਂ ਇਹ ਲੜਾਈ ਲੜਦੇ ਰਹਾਂਗੇ। ਆਰ.ਪੀ. ਸਿੰਘ ਨੇ ਇਹ ਵੀ ਕਿਹਾ ਕਿ ਜਗਦੀਸ਼ ਟਾਈਟਲਰ ਨੂੰ ਜੇਲ੍ਹ ਵਿਚ ਹੀ ਹੋਣਾ ਚਾਹੀਦਾ ਹੈ ਕਿਉਂਕਿ ਜੇਕਰ ਉਹ ਬਾਹਰ ਰਹੇਗਾ ਤਾਂ ਉਹ ਪੀੜਤਾਂ ‘ਤੇ ਦਬਾਅ ਬਣਾਉਣਾ ਅਤੇ ਗਵਾਹਾਂ ਨੂੰ ਧਮਕੀਆਂ ਦੇਣਾ ਜਾਰੀ ਰੱਖੇਗਾ।

