ਮਨੀਪੁਰ ਕਾਂਡ ਕਾਰਨ ਦੁਨੀਆ ਅੱਗੇ ਸ਼ਰਮਸਾਰ ਹੋਇਆ ਦੇਸ਼ : ਵੜਿੰਗ
ਲੁਧਿਆਣਾ ਵਿੱਚ ਪੰਜਾਬ ਕਾਂਗਰਸ ਨੇ ਸੱਤਿਆਗ੍ਰਹਿ ਦੌਰਾਨ ਮੌਨ ਵਰਤ ਰੱਖਿਆ
ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਵਿਚ ਪੰਜਾਬ ਕਾਂਗਰਸ ਨੇ ਸੱਤਿਆਗ੍ਰਹਿ ਦੌਰਾਨ ਮੌਨ ਵਰਤ ਰੱਖਿਆ। ਸੱਤਿਆਗ੍ਰਹਿ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਨਵਜੋਤ ਸਿੰਘ ਸਿੱਧੂ ਸਣੇ ਵਧੇਰੇ ਵੱਡੇ ਆਗੂ ਮੌਜੂਦ ਸਨ।
ਸੱਤਿਆਗ੍ਰਹਿ ਦੌਰਾਨ ਆਗੂਆਂ ਨੇ ਰਾਹੁਲ ਗਾਂਧੀ ‘ਤੇ ਦਰਜ ਹੋਏ ਕੇਸ ਤੇ ਮਨੀਪੁਰ ਵਿੱਚ ਹੋਈ ਘਟਨਾ ਖ਼ਿਲਾਫ ਮੌਨ ਵਰਤ ਰੱਖਿਆ। ਇਸ ਦੌਰਾਨ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਰਾਸ਼ਟਰਪਤੀ ਤੋਂ ਮੰਗ ਕੀਤੀ ਹੈ ਕਿ ਮਨੀਪੁਰ ਦੀ ਸਰਕਾਰ ਨੂੰ ਤੁਰੰਤ ਬਰਖ਼ਾਸਤ ਕਰਕੇ ਦੋ ਲੜਕੀਆਂ ਨਾਲ ਵਹਿਸ਼ੀਆਨਾ ਕਾਰਾ ਕਰਨ ਵਾਲੇ ਮੁਲਜ਼ਮਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ।
ਸਨਅਤੀ ਸ਼ਹਿਰ ਦੇ ਗਿੱਲ ਰੋਡ ਸਥਿਤ ਦਾਣਾ ਮੰਡੀ ਵਿੱਚ ਸੱਤਿਆਗ੍ਰਹਿ ਦੌਰਾਨ ਕਾਂਗਰਸੀ ਆਗੂਆਂ ਨੇ ਮੱਥੇ ‘ਤੇ ਕਾਲੀਆਂ ਪੱਟੀਆਂ ਬੰਨ੍ਹੀਆਂ ਹੋਈਆਂ ਸਨ। ਇਸ ਦੌਰਾਨ ਰਾਜਾ ਵੜਿੰਗ ਨੇ ਕਿਹਾ ਕਿ ਮਨੀਪੁਰ ਦੀਆਂ ਦਿਲ-ਕੰਬਾਊ ਘਟਨਾਵਾਂ ਨੇ ਦੇਸ਼ ਦਾ ਸਿਰ ਪੂਰੀ ਦੁਨੀਆ ਵਿੱਚ ਨੀਵਾਂ ਕਰ ਦਿੱਤਾ ਹੈ ਪਰ ਕੇਂਦਰ ਦੀ ਮੋਦੀ ਸਰਕਾਰ ਅੱਖਾਂ ਬੰਦ ਕਰਕੇ ਬੈਠੀ ਹੋਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦੋ ਮਹੀਨੇ ਤੋਂ ਵੱਧ ਸਮੇਂ ਤੋਂ ਮਨੀਪੁਰ ਵਿੱਚ ਲੋਕਾਂ ਦੀ ਇੱਜ਼ਤ ਤੋਂ ਇਲਾਵਾ ਜਾਨ ਅਤੇ ਮਾਲ ਨੂੰ ਵੱਡਾ ਖ਼ਤਰਾ ਬਣਿਆ ਹੋਇਆ ਹੈ ਪਰ ਕੇਂਦਰ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਹਾਲ ‘ਤੇ ਛੱਡ ਦਿੱਤਾ ਗਿਆ ਹੈ। ਇਸ ਮੌਕੇ ਵਰਕਰਾਂ ਨੇ ਵੱਖ-ਵੱਖ ਨਾਅਰੇ ਲਿਖੀਆਂ ਤਖ਼ਤੀਆਂ ਹੱਥਾਂ ਵਿੱਚ ਫੜੀਆਂ ਹੋਈਆਂ ਸਨ। ਇਹ ਮੋਨ ਵਰਤ ਸੋਮਵਾਰ ਸਵੇਰੇ 11 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 5 ਵਜੇ ਤੱਕ ਚੱਲਿਆ। ਇਸ ਦੌਰਾਨ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ।
ਇਸ ਮੌਕੇ ਰਾਣਾ ਕੇਪੀ ਸਿੰਘ, ਭਾਰਤ ਭੂਸ਼ਨ ਆਸ਼ੂ, ਜ਼ਿਲ੍ਹਾ ਪ੍ਰਧਾਨ ਸਾਬਕਾ ਵਿਧਾਇਕ ਸੰਜੇ ਤਲਵਾੜ, ਲਖਵੀਰ ਸਿੰਘ ਲੱਖਾ, ਹਰਮਿੰਦਰ ਸਿੰਘ ਗਿੱਲ, ਈਸ਼ਵਰਜੋਤ ਸਿੰਘ ਚੀਮਾ, ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ, ਮਲਕੀਤ ਸਿੰਘ ਦਾਖਾ, ਕ੍ਰਿਸ਼ਨ ਕੁਮਾਰ ਬਾਵਾ, ਗੁਰਕੀਰਤ ਸਿੰਘ ਕੋਟਲੀ, ਨਾਜ਼ਰ ਸਿੰਘ ਮਾਨਸ਼ਾਹੀਆ ਅਤੇ ਕੈਪਟਨ ਸੰਦੀਪ ਸੰਧੂ ਸਮੇਤ ਹੋਰ ਸੀਨੀਅਰ ਆਗੂ ਵੀ ਹਾਜ਼ਰ ਸਨ।
ਕੁਲਤਾਰ ਸੰਧਵਾਂ ਨੇ ਅਮਿਤ ਸ਼ਾਹ ਨੂੰ ਪੱਤਰ ਲਿਖਿਆ
ਚੰਡੀਗੜ੍ਹ : ਮਨੀਪੁਰ ਘਟਨਾ ਸਬੰਧੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ। ਸੰਧਵਾਂ ਨੇ ਪੱਤਰ ਵਿੱਚ ਮਹਿਲਾਵਾਂ ਦੇ ਸਨਮਾਨ ਨੂੰ ਠੇਸ ਪਹੁੰਚਾਉਣ ਲਈ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਮਨੀਪੁਰ ਦੇ ਮੁੱਖ ਮੰਤਰੀ ਨੂੰ ਹਟਾਉਣ ਦੀ ਮੰਗ ਵੀ ਕੀਤੀ ਹੈ। ਸੰਧਵਾਂ ਨੇ ਲਿਖਿਆ ਕਿ ਮਨੀਪੁਰ ਹਿੰਸਾ ਲਈ ਉੱਥੇ ਦੇ ਮੁੱਖ ਮੰਤਰੀ ਨੂੰ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ। ਉਹ ਔਰਤਾਂ ਵਿਰੁੱਧ ਹਿੰਸਾ ਦੇ ਇਸ ਘਿਨਾਉਣੇ ਕਾਰੇ ਨੂੰ ਰੋਕਣ ਵਿੱਚ ਅਸਫ਼ਲ ਰਹੇ ਹਨ। ਉਨ੍ਹਾਂ ਕਿਹਾ ਕਿ ਮਨੀਪੁਰ ‘ਚ ਸਰਕਾਰ ਨੂੰ ਬਰਖਾਸਤ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਮਨੀਪੁਰ ਬਾਰੇ ਬਿਆਨ ਦੇਣ ਤੋਂ ਕਿਉਂ ਸ਼ਰਮਾ ਰਹੇ ਨੇ ਮੋਦੀ: ਸੱਤਿਆਪਾਲ ਮਲਿਕ
ਨਵੀਂ ਦਿੱਲੀ/ਬਿਊਰੋ ਨਿਊਜ਼ : ਜੰਮੂ ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨੇ ਸੰਸਦ ਵਿੱਚ ਵਿਰੋਧ ਧਿਰ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਧਾਨ ਮੰਤਰੀ ਕੋਲੋਂ ਮਨੀਪੁਰ ਦੇ ਹਾਲਾਤ ਬਾਰੇ ਬਿਆਨ ਦੇਣ ਦੀ ਮੰਗ ਕੀਤੇ ਜਾਣ ਅਤੇ ਇਹ ਪੁੱਛੇ ਜਾਣ ਕਿ ਸੂਬੇ ਦੇ ਮੁੱਖ ਮੰਤਰੀ ਨੂੰ ਅਜੇ ਤੱਕ ਹਟਾਇਆ ਕਿਉਂ ਨਹੀਂ ਗਿਆ, ਨੂੰ ਜਾਇਜ਼ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ, ”ਮੈਨੂੰ ਨਹੀਂ ਪਤਾ ਕਿ ਮੋਦੀ ਇਸ ਤੋਂ ਸ਼ਰਮ ਕਿਉਂ ਮਹਿਸੂਸ ਕਰ ਰਹੇ ਨੇ?” ਉਹ ਨਵੀਂ ਦਿੱਲੀ ਵਿਖੇ ਪ੍ਰੈੱਸ ਕਲੱਬ ਆਫ ਇੰਡੀਆ ਵਿੱਚ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਲੋਚਨਾ ਕਰਦਿਆਂ ਮਲਿਕ ਨੇ ਕਿਹਾ, ”ਸੰਸਦ ਮੈਂਬਰਾਂ ਦੀ ਇਹ ਮੰਗ ਵਾਜਿਬ ਹੈ ਕਿ ਮਾਣਯੋਗ ਪ੍ਰਧਾਨ ਮੰਤਰੀ ਨੂੰ ਸਦਨ ਵਿੱਚ ਆ ਕੇ ਆਪਣਾ ਬਿਆਨ ਦੇਣਾ ਚਾਹੀਦਾ ਹੈ ਅਤੇ ਮਨੀਪੁਰ ਮੁੱਦੇ ‘ਤੇ ਚਰਚਾ ਹੋਣੀ ਚਾਹੀਦੀ ਹੈ।”
ਉਨ੍ਹਾਂ ਕਿਹਾ ਕਿ ਭਾਰਤ ਦੇ ਚੀਫ ਜਸਟਿਸ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਜ਼ਮੀਨੀ ਪੱਧਰ ‘ਤੇ ਕੁਝ ਨਹੀਂ ਹੋਵੇਗਾ ਤਾਂ ਸੁਪਰੀਮ ਕੋਰਟ ਕਦਮ ਉਠਾਏਗਾ।
ਪ੍ਰੈੱਸ ਕਲੱਬ ਆਫ ਇੰਡੀਆ ਵਿੱਚ ਮਲਿਕ ਨੇ ਪਹਿਲਾਂ ਸੰਯੁਕਤ ਕਿਸਾਨ ਮਜ਼ਦੂਰ ਸੰਗਠਨ ਵੱਲੋਂ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ ਅਤੇ 2020-21 ਦੇ ਕਿਸਾਨ ਅੰਦੋਲਨ ਨੂੰ ਚੇਤੇ ਕੀਤਾ, ਜਿਸ ਤੋਂ ਬਾਅਦ ਸਰਕਾਰ ਨੇ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦਾ ਫੈਸਲਾ ਲਿਆ ਸੀ।
ਮਨੀਪੁਰ ਘਟਨਾ ਦੇ ਮੁਲਜ਼ਮਾਂ ਨੂੰ ਮਿਸਾਲੀ ਸਜ਼ਾ ਦੇਣ ਦੀ ਮੰਗ
ਕਿਸਾਨਾਂ ਨੇ ਕੇਂਦਰ ਸਰਕਾਰ ‘ਤੇ ਲਾਏ ਗੰਭੀਰ ਆਰੋਪ
ਮਾਨਸਾ : ਸੰਯੁਕਤ ਕਿਸਾਨ ਮੋਰਚਾ ਨੇ ਮਨੀਪੁਰ ਘਟਨਾ ਦੀ ਨਿਖੇਧੀ ਕਰਦਿਆਂ ਮੁਲਜ਼ਮਾਂ ਨੂੰ ਮਿਸਾਲੀ ਸਜ਼ਾ ਦੇਣ ਦੀ ਮੰਗ ਕੀਤੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਮਨੀਪੁਰ ‘ਚ ਮੈਤੇਈ, ਕੁਕੀ ਤੇ ਨਾਗਿਆਂ ਵਿਚਾਲੇ ਚੱਲ ਰਹੇ ਰਾਖਵਾਂਕਰਨ ਦੇ ਮੁੱਦੇ ਨੂੰ ਕੇਂਦਰ ਸਰਕਾਰ ਵੱਲੋਂ ਜਾਣ-ਬੁੱਝ ਕੇ ਭੜਕਾਇਆ ਗਿਆ। ਇਸ ਦੌਰਾਨ ਦਰਜਨਾਂ ਲੋਕ ਮਾਰੇ ਗਏ ਹਨ ਤੇ ਹਜ਼ਾਰਾਂ ਲੋਕ ਬੇਘਰ ਹੋ ਚੁੱਕੇ ਹਨ। ਮੋਰਚੇ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਨੇ ਕਿਹਾ ਕਿ ਇਸੇ ਤਰ੍ਹਾਂ ਦੋ ਔਰਤਾਂ ਨੂੰ ਨਿਰਵਸਤਰ ਕਰ ਕੇ ਘੁਮਾਇਆ ਗਿਆ ਤੇ ਜੰਗਲ ਵਿੱਚ ਲਿਜਾ ਕੇ ਸਮੂਹਿਕ ਜਬਰ-ਜਨਾਹ ਕੀਤਾ ਗਿਆ। ਇਹ ਘਟਨਾ ਵਾਪਰੇ ਨੂੰ ਦੋ ਮਹੀਨੇ ਬੀਤਣ ਤੋਂ ਬਾਅਦ ਵੀ ਸਾਰੇ ਮੁਲਜ਼ਮ ਗ੍ਰਿਫ਼ਤਾਰ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਦਿਨਾਂ ਦੌਰਾਨ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਤੇ ਮੀਡੀਆ ਦਾ ਕੁਝ ਹਿੱਸਾ ਜ਼ਮੀਨੀ ਸੱਚਾਈ ਦਿਖਾਉਣ ਦੀ ਬਜਾਏ ਪ੍ਰਧਾਨ ਮੰਤਰੀ ਦੇ ਵਿਦੇਸ਼ੀ ਦੌਰਿਆਂ ‘ਤੇ ਚਰਚਾਵਾਂ ਕਰਦਾ ਰਿਹਾ।
ਮਨੀਪੁਰ ‘ਚ ਵਾਪਰੀ ਘਟਨਾ ਵਹਿਸ਼ੀਆਨਾ ਅਤੇ ਖ਼ੌਫਨਾਕ : ਅਮਰੀਕਾ
ਵਾਸ਼ਿੰਗਟਨ : ਅਮਰੀਕਾ ਨੇ ਭਾਰਤ ਦੇ ਉੱਤਰ-ਪੂਰਬੀ ਸੂਬੇ ਮਨੀਪੁਰ ‘ਚ ਦੋ ਮਹਿਲਾਵਾਂ ਦੀ ਨਗਨ ਪਰੇਡ ਦੀ ਵਾਇਰਲ ਹੋਈ ਵੀਡੀਓ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਇਸ ਘਟਨਾ ਨੂੰ ਭਿਆਨਕ ਕਰਾਰ ਦਿੱਤਾ ਹੈ।
ਜ਼ਿਕਰਯੋਗ ਹੈ ਮਨੀਪੁਰ ‘ਚ ਦੋ ਮਹਿਲਾਵਾਂ ਦੀ ਨਗਨ ਪਰੇਡ ਦੀ ਘਟਨਾ ਦੋ ਮਹੀਨੇ ਪਹਿਲਾ ਵਾਪਰੀ ਸੀ ਪਰ ਪਿਛਲੇ ਹਫ਼ਤੇ ਇਸ ਸਬੰਧੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਮਗਰੋਂ ਇਹ ਕੌਮੀ ਤੇ ਕੌਮਾਂਤਰੀ ਮਸਲਾ ਬਣ ਗਿਆ ਹੈ। ਪੁਲਿਸ ਨੇ ਇਸ ਮਾਮਲੇ ‘ਚ ਕੁਝ ਗ੍ਰਿਫ਼ਤਾਰੀਆਂ ਵੀ ਕੀਤੀਆਂ ਹਨ। ਅਮਰੀਕਾ ਦੇ ਵਿਦੇਸ਼ ਵਿਭਾਗ ਦੇ ਬੁਲਾਰੇ ਨੇ ਇਸ ਘਟਨਾ ਨੂੰ ‘ਵਹਿਸ਼ੀਆਨਾ’ ਤੇ ‘ਖ਼ੌਫ਼ਨਾਕ’ ਕਰਾਰ ਦਿੰਦਿਆਂ ਪੀੜਤਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਨੇ ਭਾਰਤ ਨੂੰ ਮਨੀਪੁਰ ਹਿੰਸਾ ਦਾ ਹੱਲ ਸ਼ਾਂਤੀਪੂਰਨ ਢੰਗ ਨਾਲ ਤੇ ਗੱਲਬਾਤ ਰਾਹੀਂ ਕੱਢਣ ਲਈ ਕਿਹਾ ਹੈ ਅਤੇ ਅਧਿਕਾਰੀਆਂ ਨੂੰ ਸਾਰੇ ਵਰਗਾਂ, ਘਰਾਂ ਅਤੇ ਧਾਰਮਿਕ ਥਾਵਾਂ ਦੀ ਸੁਰੱਖਿਆ ਕਰਦਿਆਂ ਮਨੁੱਖੀ ਜ਼ਰੂਰਤਾਂ ਵੱਲ ਧਿਆਨ ਦੇਣ ਦੀ ਅਪੀਲ ਕੀਤੀ ਹੈ।
‘ਮਨੀਪੁਰ ਹਿੰਸਾ ਪੂਰੀ ਤਰ੍ਹਾਂ ਯੋਜਨਾਬੱਧ’
ਮੀਡੀਆ ਰਿਪੋਰਟਾਂ ਅਨੁਸਾਰ ਬਰਤਾਨਵੀ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਦੀ ਵਿਸ਼ੇਸ਼ ਦੂਤ ਤੇ ਸੰਸਦ ਮੈਂਬਰ ਫਿਓਨਾ ਬਰੂਸ ਨੇ ਮਨੀਪੁਰ ਦਾ ਮੁੱਦਾ ਹਾਊਸ ਆਫ ਕਾਮਨਜ਼ ‘ਚ ਚੁੱਕਦਿਆਂ ਕਿਹਾ ਕਿ ਮਨੀਪੁਰ ਹਿੰਸਾ ਪਹਿਲਾਂ ਤੋਂ ਤੈਅ ਤੇ ਪੂਰੀ ਤਰ੍ਹਾਂ ਯੋਜਨਾਬੱਧ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮਨੀਪੁਰ ‘ਚ ਹੁਣ ਤੱਕ ਸੈਂਕੜੇ ਚਰਚ ਸਾੜੇ ਜਾ ਚੁੱਕੇ ਹਨ ਤੇ ਇਸ ਮੁੱਦੇ ਦੀ ਖੁੱਲ੍ਹ ਕੇ ਰਿਪੋਰਟਿੰਗ ਨਹੀਂ ਹੋ ਰਹੀ। ਉਨ੍ਹਾਂ ਬੀਬੀਸੀ ਦੇ ਸਾਬਕਾ ਰਿਪੋਰਟਰ ਡੇਵਿਡ ਕੈਂਪਾਨੇਲ ਦੀ ਰਿਪੋਰਟ ਦੇ ਹਵਾਲੇ ਨਾਲ ਕਿਹਾ ਕਿ ਮਨੀਪੁਰ ‘ਚ ਸੈਂਕੜੇ ਚਰਚ ਸਾੜੇ ਜਾਣ ਤੋਂ ਇਲਾਵਾ ਸੌ ਤੋਂ ਵੱਧ ਲੋਕ ਕਤਲ ਕੀਤੇ ਜਾ ਚੁੱਕੇ ਹਨ ਤੇ 50 ਹਜ਼ਾਰ ਤੋਂ ਵੱਧ ਲੋਕ ਬੇਘਰੇ ਹੋਏ ਹਨ। ਉਨ੍ਹਾਂ ਕਿਹਾ ਕਿ ਸਕੂਲਾਂ ਤੇ ਮਦਰੱਸਿਆਂ ਨੂੰ ਵੀ ਮਿੱਥ ਕੇ ਤੇ ਯੋਜਨਾਬੰਧ ਢੰਗ ਨਾਲ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸੇ ਦੌਰਾਨ ਚਰਚ ਕਮਿਸ਼ਨਰਜ਼ ਦੇ ਨੁਮਾਇੰਦੇ ਤੇ ਸੰਸਦ ਮੈਂਬਰ ਐਂਡ੍ਰਿਊ ਸੇਲੌਸ ਨੇ ਕਿਹਾ ਕਿ ਇਹ ਰਿਪੋਰਟ ਆਰਚਬਿਸ਼ਪ ਦੇ ਧਿਆਨ ‘ਚ ਲਿਆਂਦੀ ਜਾਵੇਗੀ।
ਸਿੱਖ ਵਿਰੋਧੀ ਕਤਲੇਆਮ ਨਾਲ ਸੰਬੰਧਿਤ ਮਾਮਲੇ ‘ਚ ਜਗਦੀਸ਼ ਟਾਈਟਲਰ ਨੂੰ ਸੰਮਨ
ਪੰਜ ਅਗਸਤ ਨੂੰ ਅਦਾਲਤ ‘ਚ ਪੇਸ਼ ਹੋਣ ਦੇ ਨਿਰਦੇਸ਼
ਮਾਨਸਾ : ਸੰਯੁਕਤ ਕਿਸਾਨ ਮੋਰਚਾ ਨੇ ਮਨੀਪੁਰ ਘਟਨਾ ਦੀ ਨਿਖੇਧੀ ਕਰਦਿਆਂ ਮੁਲਜ਼ਮਾਂ ਨੂੰ ਮਿਸਾਲੀ ਸਜ਼ਾ ਦੇਣ ਦੀ ਮੰਗ ਕੀਤੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਮਨੀਪੁਰ ‘ਚ ਮੈਤੇਈ, ਕੁਕੀ ਤੇ ਨਾਗਿਆਂ ਵਿਚਾਲੇ ਚੱਲ ਰਹੇ ਰਾਖਵਾਂਕਰਨ ਦੇ ਮੁੱਦੇ ਨੂੰ ਕੇਂਦਰ ਸਰਕਾਰ ਵੱਲੋਂ ਜਾਣ-ਬੁੱਝ ਕੇ ਭੜਕਾਇਆ ਗਿਆ। ਇਸ ਦੌਰਾਨ ਦਰਜਨਾਂ ਲੋਕ ਮਾਰੇ ਗਏ ਹਨ ਤੇ ਹਜ਼ਾਰਾਂ ਲੋਕ ਬੇਘਰ ਹੋ ਚੁੱਕੇ ਹਨ। ਮੋਰਚੇ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਨੇ ਕਿਹਾ ਕਿ ਇਸੇ ਤਰ੍ਹਾਂ ਦੋ ਔਰਤਾਂ ਨੂੰ ਨਿਰਵਸਤਰ ਕਰ ਕੇ ਘੁਮਾਇਆ ਗਿਆ ਤੇ ਜੰਗਲ ਵਿੱਚ ਲਿਜਾ ਕੇ ਸਮੂਹਿਕ ਜਬਰ-ਜਨਾਹ ਕੀਤਾ ਗਿਆ। ਇਹ ਘਟਨਾ ਵਾਪਰੇ ਨੂੰ ਦੋ ਮਹੀਨੇ ਬੀਤਣ ਤੋਂ ਬਾਅਦ ਵੀ ਸਾਰੇ ਮੁਲਜ਼ਮ ਗ੍ਰਿਫ਼ਤਾਰ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਦਿਨਾਂ ਦੌਰਾਨ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਤੇ ਮੀਡੀਆ ਦਾ ਕੁਝ ਹਿੱਸਾ ਜ਼ਮੀਨੀ ਸੱਚਾਈ ਦਿਖਾਉਣ ਦੀ ਬਜਾਏ ਪ੍ਰਧਾਨ ਮੰਤਰੀ ਦੇ ਵਿਦੇਸ਼ੀ ਦੌਰਿਆਂ ‘ਤੇ ਚਰਚਾਵਾਂ ਕਰਦਾ ਰਿਹਾ।
Check Also
ਲੋਕ ਸਭਾ ਚੋਣਾਂ ‘ਚ ਭਾਜਪਾ ਨੂੰ ਨਹੀਂ ਮਿਲਿਆ ਬਹੁਮਤ
ਭਾਜਪਾ ਨੂੰ ਸਿਰਫ਼ 241 ਸੀਟਾਂ ਨਾਲ ਕਰਨਾ ਪਿਆ ਸਬਰ ਚੋਣ ਨਤੀਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ …