ਭਾਜਪਾ ਦਫ਼ਤਰ ਦਾ ਘਿਰਾਓ ਕਰਨ ਜਾਂਦੇ ‘ਆਪ’ ਵਿਧਾਇਕਾਂ ਨੂੰ ਚੰਡੀਗੜ੍ਹ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਵੱਲੋਂ ਮਣੀਪੁਰ ‘ਚ ਹੋ ਰਹੀਆਂ ਹਿੰਸਕ ਘਟਨਾਵਾਂ ਅਤੇ ਔਰਤਾਂ ‘ਤੇ ਹੋ ਰਹੇ ਜੁਲਮਾਂ ਖਿਲਾਫ ਚੰਡੀਗੜ੍ਹ ‘ਚ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਹ ਰੋਸ ਪ੍ਰਦਰਸ਼ਨ ਐਮ ਐਲ ਏ ਹੋਸਟਲ ਤੋਂ ਸ਼ੁਰੂ ਹੋਇਆ ਜਿਸ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ, ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧਰਾਮ ਧੀਮਾਨ ਅਤੇ ਕੈਬਨਿਟ ਮੰਤਰੀ ਬੀਬੀ ਬਲਜੀਤ ਕੌਰ ਵੀ ਮੌਜੂਦ ਸਨ।
ਇਕੱਠ ਨੂੰ ਸੰਬੋਧਨ ਕਰਦਿਆਂ ਬੀਬੀ ਬਲਜੀਤ ਕੌਰ ਨੇ ਕਿਹਾ ਕਿ ਭਾਜਪਾ ਬੇਟੀ ਬਚਾਓ ਅਤੇ ਬੇਟੀ ਪੜ੍ਹਾਓ ਦਾ ਨਾਅਰਾ ਤਾਂ ਜ਼ਰੂਰ ਦਿੰਦੀ ਹੈ ਪ੍ਰੰਤੂ ਉਸੇ ਦੇਸ਼ ‘ਚ ਔਰਤਾਂ ਨੂੰ ਨਿਰਵਸਤਰ ਕਰਕੇ ਘੁਮਾਇਆ ਜਾਂਦਾ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਵਰਕਰਾਂ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਰੋਸ ਪ੍ਰਦਰਸ਼ਨ ਤੋਂ ਬਾਅਦ ਜਦੋਂ ‘ਆਪ’ ਵਿਧਾਇਕ ਅਤੇ ਵਰਕਰ ਜਦੋਂ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਲਈ ਅੱਗੇ ਵਧੇ ਤਾਂ ਚੰਡੀਗੜ੍ਹ ਪੁਲਿਸ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਅੱਗੇ ਜਾਣ ਤੋਂ ਰੋਕ ਲਿਆ। ਜਦੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ ਤਾਂ ਚੰਡੀਗੜ੍ਹ ਪੁਲਿਸ ਵੱਲੋਂ ਉਨ੍ਹਾਂ ਉਪਰ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ। ਇਸ ਦੌਰਾਨ ‘ਆਪ’ ਵਰਕਰਾਂ ਅਤੇ ਚੰਡੀਗੜ੍ਹ ਪੁਲਿਸ ਦਰਮਿਆਨ ਧੱਕਾ-ਮੁੱਕੀ ਵੀ ਹੋਈ ਅਤੇ ਪੁਲਿਸ ਨੇ ਕੁਝ ‘ਆਪ’ ਵਿਧਾਇਕਾਂ ਨੂੰ ਹਿਰਾਸਤ ਵਿਚ ਲੈ ਲਿਆ।
ਰਾਜਾ ਵੜਿੰਗ ਨੇ ਸਾਧਿਆ ਮੁੱਖ ਮੰਤਰੀ ਭਗਵੰਤ ਮਾਨ ‘ਤੇ ਸਿਆਸੀ ਨਿਸ਼ਾਨਾ
ਚੰਡੀਗੜ੍ਹ : ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਸਿਆਸੀ ਨਿਸ਼ਾਨਾ ਸਾਧਿਆ। ਉਨ੍ਹਾਂ ਟਵੀਟ ਕਰਦੇ ਹੋਏ ਲਿਖਿਆ ਕਿ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦਾ ਮਾੜਾ ਅਤੇ ਸਨਕੀ ਵਿਵਹਾਰ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਉਨ੍ਹਾਂ ਅੱਗੇ ਲਿਖਿਆ ਕਿ ਆਮ ਆਦਮੀ ਪਾਰਟੀ ਦੇ ਵਿਧਾਇਕਾਂ ‘ਚ ਤਜ਼ਰਬੇ ਦੀ ਘਾਟ ਅਤੇ ਉਨ੍ਹਾਂ ਦਾ ਲੋੜੋਂ ਵੱਧ ਹੰਕਾਰ ਪੰਜਾਬ ਨੂੰ ਮਹਿੰਗਾ ਪੈ ਰਿਹਾ ਹੈ, ਕਿਉਂਕਿ ਮੁਲਾਜ਼ਮਾਂ ਵੱਲੋਂ ਹੜਤਾਲਾਂ ਕੀਤੀਆਂ ਜਾਂਦੀਆਂ ਜਿਸ ਕਾਰਨ ਆਮ ਆਦਮੀ ਪ੍ਰਭਾਵਿਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਹੜ੍ਹਾਂ, ਬਿਜਲੀ ਕੱਟਾਂ ਅਤੇ ਫਸਲਾਂ ਦੇ ਹੋਏ ਨੁਕਸਾਨ ਕਾਰਨ ਪਹਿਲਾਂ ਹੀ ਤਣਾਅ ਨਾਲ ਜੂਝ ਰਿਹਾ ਹੈ ਅਤੇ ਮੁੱਖ ਮੰਤਰੀ ਜੀ ਕਿਰਪਾ ਕਰਕੇ ਤੁਸੀਂ ਆਪਣੇ ਵਿਧਾਇਕਾਂ ਨੂੰ ਲੋਕਾਂ ਨਾਲ ਚੰਗਾ ਵਿਵਹਾਰ ਕਰਨਾ ਸਿਖਾਓ। ਧਿਆਨ ਰਹੇ ਕਿ ਲੰਘੇ ਦਿਨੀਂ ਰੋਪੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਿਨੇਸ਼ ਚੱਢਾ ‘ਤੇ ਮਾਲ ਵਿਭਾਗ ਦੇ ਕਰਮਚਾਰੀਆਂ ਨੇ ਦੁਰਵਿਵਹਾਰ ਕਰਨ ਦੇ ਆਰੋਪ ਲਗਾਏ ਸਨ।
Check Also
ਪੰਜਾਬ ਵਿਚ ਬਦਲੀਆਂ ਦੇ ਹੁਕਮ ਪੰਜਾਬੀ ਭਾਸ਼ਾ ’ਚ ਹੋਣ ਲੱਗੇ ਜਾਰੀ
ਪਹਿਲਾਂ ਬਦਲੀਆਂ ਦੇ ਹੁਕਮ ਜਾਰੀ ਹੁੰਦੇ ਸਨ ਅੰਗਰੇਜ਼ੀ ਭਾਸ਼ਾ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …