Breaking News
Home / ਪੰਜਾਬ / ਸੰਵਿਧਾਨ ਮੁਤਾਬਕ ਹੀ ਸੱਦਿਆ ਗਿਆ ਸੀ ਇਜਲਾਸ : ਭਗਵੰਤ ਮਾਨ

ਸੰਵਿਧਾਨ ਮੁਤਾਬਕ ਹੀ ਸੱਦਿਆ ਗਿਆ ਸੀ ਇਜਲਾਸ : ਭਗਵੰਤ ਮਾਨ

ਰਾਜਪਾਲ ਨੂੰ ਸੈਸ਼ਨ ਦੇ ‘ਜਾਇਜ਼ ਜਾਂ ਨਾਜਾਇਜ਼ ਹੋਣ ਬਾਰੇ ਜਾਣਕਾਰੀ ਨਾ ਹੋਣਾ ਮੰਦਭਾਗਾ’: ਮੁੱਖ ਮੰਤਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਤਕਰਾਰ ਵਧਦੀ ਜਾ ਰਹੀ ਹੈ।
ਰਾਜਪਾਲ ਪੁਰੋਹਿਤ ਵੱਲੋਂ ਪਿਛਲੇ ਮਹੀਨੇ ਹੋਏ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਨੂੰ ਗੈਰ-ਸੰਵਿਧਾਨਕ ਦੱਸੇ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਨੂੰ ਮੋੜਵਾਂ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਪੰਜਾਬ ਦੇ ਰਾਜਪਾਲ ਨੂੰ ਇਸ ਗੱਲ ਬਾਰੇ ਨਹੀਂ ਪਤਾ ਕਿ ਜੂਨ ‘ਚ ਬੁਲਾਇਆ ਗਿਆ ਵਿਧਾਨ ਸਭਾ ਦਾ ਦੋ ਰੋਜ਼ਾ ਵਿਸ਼ੇਸ਼ ਸੈਸ਼ਨ ਜਾਇਜ਼ ਸੀ ਜਾਂ ਨਹੀਂ। ਧਿਆਨ ਰਹੇ ਕਿ ਪੁਰੋਹਿਤ ਨੇ 17 ਜੁਲਾਈ ਨੂੰ ਮੁੱਖ ਮੰਤਰੀ ਨੂੰ ਪੱਤਰ ਭੇਜ ਕੇ ਕਿਹਾ ਸੀ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਵਿਸ਼ੇਸ਼ ਸੈਸ਼ਨ ਸੱਦਣਾ ਕਾਨੂੰਨ ਅਤੇ ਪ੍ਰਕਿਰਿਆ ਦੀ ਉਲੰਘਣਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਅਮਰਿੰਦਰ ਸਿੰਘ ਸਰਕਾਰ ਦੇ ਕਾਰਜਕਾਲ ਦੌਰਾਨ ਵਿਧਾਨ ਸਭਾ ਸੈਸ਼ਨ ਦੋ ਵਾਰ ਰਾਜਪਾਲ ਦੀ ਇਜਾਜ਼ਤ ਤੋਂ ਬਿਨਾਂ ਬੁਲਾਇਆ ਗਿਆ ਸੀ। ਇਨ੍ਹਾਂ ਸੈਸ਼ਨਾਂ ਨੂੰ ਰਾਜਪਾਲ ਨੇ ਬਾਅਦ ਵਿੱਚ ਮਨਜ਼ੂਰੀ ਦੇ ਦਿੱਤੀ ਸੀ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਕਾਨੂੰਨੀ ਮਾਹਿਰਾਂ ਦੀ ਸਲਾਹ ਨਾਲ ਅਤੇ ਭਾਰਤੀ ਸੰਵਿਧਾਨ ਦੇ ਤਹਿਤ ਹੀ ਇਹ ਸੈਸ਼ਨ ਬੁਲਾਇਆ ਸੀ। ਪਿਛਲੇ ਦਿਨੀਂ ਭਗਵੰਤ ਮਾਨ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਗੁਰਦੁਆਰਾ ਐਕਟ ‘ਚ ਸੋਧ ਨੂੰ ਪ੍ਰਵਾਨਗੀ ਦੇਣ ਦੀ ਮੰਗ ਕੀਤੀ ਸੀ। ਇਸ ‘ਤੇ ਰਾਜਪਾਲ ਨੇ ਮੁੱਖ ਮੰਤਰੀ ਨੂੰ ਜਵਾਬ ਦਿੰਦਿਆਂ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਬਿੱਲ ‘ਤੇ ਦੇਸ਼ ਦੇ ਅਟਾਰਨੀ ਜਨਰਲ ਤੋਂ ਕਾਨੂੰਨੀ ਸਲਾਹ ਲੈਣ ਲਈ ਦੀ ਗੱਲ ਆਖੀ ਸੀ।

 

Check Also

ਪੰਜਾਬ, ਚੰਡੀਗੜ੍ਹ ਤੇ ਹਿਮਾਚਲ ’ਚ ਨਾਮਜ਼ਦਗੀਆਂ ਭਰਨ ਦਾ ਕੰਮ ਹੋਇਆ ਮੁਕੰਮਲ

ਲੋਕ ਸਭਾ ਚੋਣਾਂ ਦੇ 7ਵੇਂ ਗੇੜ ਦੌਰਾਨ 1 ਜੂਨ ਨੂੰ ਪੈਣੀਆਂ ਹਨ ਵੋਟਾਂ ਚੰਡੀਗੜ੍ਹ/ਬਿਊਰੋ ਨਿਊਜ਼ …