ਸੈਟੇਲਾਈਟ ਚੈਨਲ ਦੀ ਸਥਾਪਨਾ ਤੱਕ ਪੀਟੀਸੀ ਗੁਰਬਾਣੀ ਪ੍ਰਸਾਰਨ ਜਾਰੀ ਰੱਖੇਗਾ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਹਰਿਮੰਦਰ ਸਾਹਿਬ ਵਿਚ ਹੁੰਦੇ ਗੁਰਬਾਣੀ ਕੀਰਤਨ ਦਾ ਪ੍ਰਸਾਰਨ ਪੂਰੇ ਸੰਸਾਰ ਤੱਕ ਪਹੁੰਚਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਵੈੱਬ ਚੈਨਲ ‘ਐੱਸਜੀਪੀਸੀ ਸ੍ਰੀ ਅੰਮ੍ਰਿਤਸਰ’ ਸ਼ੁਰੂ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵਲੋਂ ਆਪਣਾ ਨਿੱਜੀ ਸੈਟੇਲਾਈਟ ਚੈਨਲ ਸਥਾਪਤ ਕੀਤੇ ਜਾਣ ਤੱਕ ਪੀਟੀਸੀ ਚੈਨਲ ਦੀ ਮਦਦ ਨਾਲ ਗੁਰਬਾਣੀ ਦੇ ਕੀਰਤਨ ਦਾ ਸਿੱਧਾ ਪ੍ਰਸਾਰਨ ਵੀ ਜਾਰੀ ਰੱਖਿਆ ਜਾਵੇਗਾ।
ਵੈੱਬ ਚੈਨਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੈਪਟਾਪ ਰਾਹੀਂ ਲਾਂਚ ਕੀਤਾ। ਇਸ ਦੌਰਾਨ ਸਮਾਗਮ ਦਾ ਸਿੱਧਾ ਪ੍ਰਸਾਰਨ ਵੀ ਕੁਝ ਸਮੇਂ ਲਈ ਦਿਖਾਇਆ ਗਿਆ। ਇਹ ਚੈਨਲ ਯੂਟਿਊਬ ਅਤੇ ਫੇਸਬੁੱਕ ‘ਤੇ ਉਪਲੱਬਧ ਹੋਵੇਗਾ। ਚੈਨਲ ਦੀ ਸ਼ੁਰੂਆਤ ਗੁਰਮਤਿ ਰਵਾਇਤ ਅਨੁਸਾਰ ਅਖੰਡ ਪਾਠ ਦਾ ਭੋਗ ਪਾ ਕੇ ਕੀਤੀ ਗਈ। ਇਸ ਮਗਰੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ‘ਚ ਵਿਸ਼ੇਸ਼ ਸਮਾਗਮ ਕੀਤਾ ਗਿਆ। ਸ਼ੋਮਣੀ ਕਮੇਟੀ ਦੇ ਪ੍ਰਧਾਨ ਨੇ ਵੈੱਬ ਚੈਨਲ ਦੀ ਆਰੰਭਤਾ ਮੌਕੇ ਸੰਗਤ ਨੂੰ ਵਧਾਈ ਦਿੰਦਿਆਂ ਆਖਿਆ ਕਿ ਜਲਦੀ ਹੀ ਸੈਟੇਲਾਈਟ ਚੈਨਲ ਵੀ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਨ ਦੇ ਸਾਰੇ ਅਧਿਕਾਰ ਸ਼੍ਰੋਮਣੀ ਕਮੇਟੀ ਕੋਲ ਹੀ ਰਹਿਣਗੇ ਅਤੇ ਹੋਰ ਕੋਈ ਚੈਨਲ ਇਸ ਨੂੰ ਨਹੀਂ ਚਲਾ ਸਕੇਗਾ। ਉਨ੍ਹਾਂ ਕਿਹਾ ਕਿ ਫਿਲਹਾਲ ਸੰਗਤ ਦੀ ਮੰਗ ਅਨੁਸਾਰ ਪੀਟੀਸੀ ਚੈਨਲ ਨੂੰ ਗੁਰਬਾਣੀ ਪ੍ਰਸਾਰਨ ਕਰਨ ਲਈ ਅਧਿਕ੍ਰਿਤ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਅਧਿਕਾਰਤ ਯੂਟਿਊਬ ਅਤੇ ਸੋਸ਼ਲ ਮੀਡੀਆ ਪਲੈਟਫਾਰਮਾਂ ‘ਤੇ ਗੁਰਬਾਣੀ ਪ੍ਰਸਾਰਨ ਲਈ ਚੁਣੀ ਕੰਪਨੀ ਨੂੰ ਅਦਾ ਕੀਤੇ ਜਾਣ ਵਾਲੇ 12 ਲੱਖ ਰੁਪਏ ਦੇ ਮਾਸਿਕ ਖ਼ਰਚੇ ਦਾ ਭੁਗਤਾਨ ਪੀਟੀਸੀ ਵੱਲੋਂ ਕੀਤਾ ਜਾਵੇਗਾ। ਵੈੱਬ ਚੈਨਲ ਦਾ ਨਾਂ ਬਦਲਣ ਬਾਰੇ ਉਨ੍ਹਾਂ ਕਿਹਾ ਕਿ ਇਹ ਵਿਦਵਾਨਾਂ ਦੇ ਸੁਝਾਅ ਅਤੇ ਤਖ਼ਤਾਂ ਦੇ ਜਥੇਦਾਰਾਂ ਨਾਲ ਵਿਚਾਰ-ਵਟਾਂਦਰੇ ਮਗਰੋਂ ਕੀਤਾ ਗਿਆ ਹੈ, ਕਿਉਂਕਿ ਭਵਿੱਖ ਵਿਚ ਜੇਕਰ ਚੈਨਲ ਨਾਲ ਸਬੰਧਤ ਕੋਈ ਕਾਨੂੰਨੀ ਪੇਚੀਦਗੀ ਬਣਦੀ ਹੈ ਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਨਾਂ ਇਸ ਵਿੱਚੋਂ ਬਾਹਰ ਰਹੇਗਾ। ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਚੈਨਲ ਸ਼ੁਰੂ ਹੋਣ ਲਈ ਸੰਗਤ ਨੂੰ ਵਧਾਈ ਦਿੱਤੀ। ਸਮਾਗਮ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਤੋਂ ਇਲਾਵਾ ਬਾਬਾ ਨਿਹਾਲ ਸਿੰਘ ਦਲ ਬਾਬਾ ਬਿਧੀ ਚੰਦ, ਬਾਬਾ ਗੁਰਪ੍ਰੀਤ ਸਿੰਘ ਖਡੂਰ ਸਾਹਿਬ, ਬਾਬਾ ਗੁਰਦੀਪ ਸਿੰਘ ਖੁਜਾਲੇ ਵਾਲੇ, ਬਾਬਾ ਸੁਰਿੰਦਰ ਸਿੰਘ ਮਿੱਠਾ ਟਿਵਾਣਾ, ਬਾਬਾ ਭੁਪਿੰਦਰ ਸਿੰਘ ਪਟਿਆਲਾ ਵਾਲੇ ਮੌਜੂਦ ਸਨ।
ਸਾਰੇ ਹੱਕ ਸ਼੍ਰੋਮਣੀ ਕਮੇਟੀ ਕੋਲ ਰਹਿਣਗੇ: ਧਾਮੀ
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਵਿਚ ਦਖ਼ਲਅੰਦਾਜ਼ੀ ਬੰਦ ਕਰਨ ਦੀ ਸਖ਼ਤ ਤਾੜਨਾ ਕੀਤੀ ਹੈ। ਉਨ੍ਹਾਂ ਆਰੋਪ ਲਾਇਆ ਕਿ ਪੰਜਾਬ ਸਰਕਾਰ ਸਿੱਖ ਸੰਸਥਾ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਨੇ ਸਰਕਾਰੀ ਚਾਲਾਂ ਦਾ ਹਮੇਸ਼ਾ ਮੂੰਹ ਤੋੜ ਜਵਾਬ ਦਿੱਤਾ ਹੈ। ਪ੍ਰਧਾਨ ਨੇ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰੇ। ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਦੇ ਕੁਝ ਮੁਲਾਜ਼ਮਾਂ ਵੱਲੋਂ ਬਣਾਈ ਗਈ ਯੂਨੀਅਨ ਨੂੰ ਵੀ ਉਨ੍ਹਾਂ ਸਿੱਖ ਸੰਸਥਾ ਦੀ ਮਰਯਾਦਾ ਦੇ ਉਲਟ ਕਰਾਰ ਦਿੱਤਾ। ਉਨ੍ਹਾਂ ਆਰੋਪ ਲਾਇਆ ਕਿ ਯੂਨੀਅਨ ਦੀ ਰਜਿਸਟ੍ਰੇਸ਼ਨ ਕਰਵਾਉਣ ਦੀ ਯੋਜਨਾ ਵੀ ਪੰਜਾਬ ਸਰਕਾਰ ਵੱਲੋਂ ਹੀ ਰਚੀ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੀਆਂ ਪ੍ਰੰਪਰਾਵਾਂ ਦੇ ਉਲਟ ਕਿਸੇ ਨੂੰ ਵੀ ਕਾਰਜ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ।
ਵੈੱਬ ਚੈਨਲ ਨੂੰ ਸੰਗਤ ਵਲੋਂ ਭਰਵਾਂ ਹੁੰਗਾਰਾ
ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਵਿੱਚ ਹੁੰਦੇ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਸ਼ੁਰੂ ਕੀਤੇ ਗਏ ਆਪਣੇ ਵੈੱਬ ਚੈਨਲ ‘ਐੱਸਜੀਪੀਸੀ ਸ੍ਰੀ ਅੰਮ੍ਰਿਤਸਰ’ ਨੂੰ ਸੰਗਤ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਪਹਿਲੇ ਦਿਨ ਹੀ ਯੂਟਿਊਬ ਰਾਹੀਂ ਗੁਰਬਾਣੀ ਦੇ ਪ੍ਰਸਾਰਨ ਨੂੰ ਦੇਖਣ ਵਾਲਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਸ੍ਰੀ ਹਰਿਮੰਦਰ ਸਾਹਿਬ ਵਿੱਚ ਹੁੰਦੇ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਨ ਤੜਕੇ ਸਾਢੇ ਤਿੰਨ ਵਜੇ ਤੋਂ 8:30 ਵਜੇ ਤੱਕ, ਦੁਪਹਿਰ ਸਾਢੇ 12 ਵਜੇ ਤੋਂ ਢਾਈ ਵੱਜੇ ਤੱਕ ਅਤੇ ਰਾਤ ਸਾਢੇ ਛੇ ਵਜੇ ਤੋਂ 8:30 ਵਜੇ ਤੱਕ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਵੈੱਬ ਚੈਨਲ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …