ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ
ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਹੈ ਗਿ੍ਰਫਤਾਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਗਿ੍ਰਫਤਾਰ ਕੀਤੇ ਗਏ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਫ਼ਿਲਹਾਲ ਕੋਈ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਕੁਸ਼ਲਦੀਪ ਸਿੰਘ ਢਿੱਲੋਂ ਦੀ ਰੈਗੂਲਰ ਜ਼ਮਾਨਤ ਦੀ ਮੰਗ ਵਾਲੀ ਪਟੀਸ਼ਨ ’ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 2 ਅਗਸਤ ਤੱਕ ਜਾਂਚ ਦੀ ਸਟੇਟਸ ਰਿਪੋਰਟ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ ਹੈ। ਪਟੀਸ਼ਨ ਦਾਖਲ ਕਰਦੇ ਹੋਏ ਕਿੱਕੀ ਢਿੱਲੋਂ ਨੇ ਹਾਈਕੋਰਟ ਨੂੰ ਦੱਸਿਆ ਸੀ ਕਿ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਵਿਜੀਲੈਂਸ ਨੇ ਉਨ੍ਹਾਂ ਨੂੰ 16 ਮਈ ਨੂੰ ਹਿਰਾਸਤ ਵਿਚ ਲਿਆ ਸੀ। ਇਸ ਮਾਮਲੇ ਵਿਚ ਵਿਜੀਲੈਂਸ ਕੋਲ ਪਟੀਸ਼ਨਕਰਤਾ ਖ਼ਿਲਾਫ਼ ਕੋਈ ਠੋਸ ਸਬੂਤ ਨਹੀਂ ਹੈ, ਬਾਵਜੂਦ ਇਸਦੇ ਵਿਜੀਲੈਂਸ ਉਨ੍ਹਾਂ ਤੋਂ ਪੁੱਛਗਿੱਛ ਲਈ ਦੋ ਵਾਰ ਰਿਮਾਂਡ ਲੈ ਚੁੱਕੀ ਹੈ। ਇਸ ਤੋਂ ਬਾਅਦ ਅਦਾਲਤ ਨੇ ਪਟੀਸ਼ਨਕਰਤਾ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਸੀ। ਪਟੀਸ਼ਨਕਰਤਾ ਨੇ ਕਿਹਾ ਕਿ ਇਸ ਮਾਮਲੇ ਵਿਚ ਉਨ੍ਹਾਂ ਦੀ ਹਿਰਾਸਤ ਹੁਣ ਜ਼ਰੂਰੀ ਨਹੀਂ ਹੈ ਅਤੇ ਅਜਿਹੇ ’ਚ ਉਨ੍ਹਾਂ ਨੂੰ ਰੈਗੂਲਰ ਜ਼ਮਾਨਤ ਦਾ ਲਾਭ ਦਿੱਤਾ ਜਾਵੇ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਪਿਛਲੀਆਂ ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਹੋਏ ਭਿ੍ਰਸ਼ਟਾਚਾਰ ਦੇ ਮਾਮਲਿਆਂ ਦੀ ਲਗਾਤਾਰ ਜਾਂਚ ਕਰ ਰਹੀ ਹੈ ਅਤੇ ਕਈ ਸਾਬਕਾ ਮੰਤਰੀ ਅਤੇ ਵਿਧਾਇਕ ਭਿ੍ਰਸ਼ਟਾਚਾਰ ਦੇ ਮਾਮਲਿਆਂ ਵਿਚ ਘਿਰ ਵੀ ਚੁੱਕੇ ਹਨ।