ਚੰਡੀਗੜ੍ਹ/ਪ੍ਰਿੰਸ ਗਰਗ
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਠੇਕੇ ’ਤੇ ਕੰਮ ਕਰ ਰਹੇ ਅਧਿਆਪਕਾਂ ਦੀ 10 ਸਾਲ ਪੁਰਾਣੀ ਮੰਗ ਪੂਰੀ ਕਰਦੇ ਹੋਏ ਅੱਜ ਉਨ੍ਹਾਂ ਨੂੰ ਰੈਗੂਲਰ ਕਰ ਦਿੱਤਾ ਹੈ। ਸੀਐਮ ਭਗਵੰਤ ਮਾਨ ਨੇ ਚੰਡੀਗੜ੍ਹ ਵਿਚ ਆਯੋਜਿਤ ਸਮਾਗਮ ਵਿਚ ਕਰੀਬ 12,710 ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਹੈ। ਉਨ੍ਹਾਂ ਨੇ ਸਰਵਿਸ ਪ੍ਰੋਵਾਈਡਰ ਅਧਿਆਪਕਾਂ ਨੂੰ ਵੀ ਰੈਗੂਲਰ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ। ਇਸ ਮੌਕੇ ਸੀਐਮ ਮਾਨ ਨੇ ਕਿਹਾ ਕਿ ਹੋਰ ਵੀ 200 ਦੇ ਕਰੀਬ ਅਧਿਆਪਕਾਂ ਨੂੰ ਪੱਕੇ ਕੀਤਾ ਜਾਵੇਗਾ, ਪਰ ਥੋੜ੍ਹਾ ਇੰਤਜ਼ਾਰ ਕਰੋ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਦਿੱਤੀ ਜਾਂਦੀ ਰਹੀ 6 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖਾਹ ਉਨ੍ਹਾਂ ਨਾਲ ਮਜ਼ਾਕ ਤੋਂ ਘੱਟ ਨਹੀਂ ਸੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਕੋਲੋਂ ਜਦੋਂ ਅਧਿਆਪਕ ਹੱਕ ਮੰਗਦੇ ਸਨ ਤਾਂ ਉਨ੍ਹਾਂ ’ਤੇ ਲਾਠੀਚਾਰਜ ਕੀਤਾ ਜਾਂਦਾ ਰਿਹਾ। ਜ਼ਿਕਰਯੋਗ ਹੈ ਕਿ ਜਦੋਂ ਸੀਐਮ ਭਗਵੰਤ ਮਾਨ ਨਿਯੁਕਤੀ ਪੱਤਰ ਦੇ ਰਹੇ ਸਨ ਕਈ ਮਹਿਲਾ ਅਧਿਆਪਕ ਭਾਵੁਕ ਵੀ ਹੋ ਗਈਆਂ। ਇਸ ਸਮੇਂ ਭਗਵੰਤ ਮਾਨ ਜ਼ਿੰਦਾਬਾਦ ਦੇ ਨਾਅਰੇ ਵੀ ਲੱਗੇ।