ਸ਼ੋ੍ਰਮਣੀ ਅਕਾਲੀ ਦਲ ਦੇ 5 ਮੈਂਬਰੀ ਵਫ਼ਦ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਕੀਤੀ ਮੁਲਾਕਾਤ
ਮੁੱਖ ਮੰਤਰੀ ਭਗਵੰਤ ਮਾਨ ’ਤੇ ਐਸਜੀਪੀਸੀ ਦੇ ਕੰਮਾਂ ’ਚ ਦਖਲਅੰਦਾਜ਼ੀ ਕਰਨ ਦਾ ਲਗਾਇਆ ਆਰੋਪ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ ਅਤੇ ਆਉਂਦੇ ਸੋਮਵਾਰ ਨੂੰ ਭਗਵੰਤ ਮਾਨ ਸਰਕਾਰ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕਰ ਦਿੱਤਾ ਹੈ। ਪ੍ਰੰਤੂ ਉਸ ਤੋਂ ਪਹਿਲਾਂ ਸ਼ੋ੍ਰਮਣੀ ਅਕਾਲੀ ਦਲ ਦੇ ਇਕ 5 ਮੈਂਬਰੀ ਵਫ਼ਦ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਅਤੇ ਮੈਮੋਰੈਂਡਮ ਦਿੱਤਾ। ਇਸ ਵਫ਼ਦ ਵਿਚ ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ, ਸੁਰਜੀਤ ਸਿੰਘ ਰੱਖੜਾ, ਬਿਕਰਮ ਸਿੰਘ ਮਜੀਠੀਆ ਅਤੇ ਸੁਖਵਿੰਦਰ ਸਿੰਘ ਸੁੱਖੀ ਸ਼ਾਮਲ ਸਨ। ਰਾਜਪਾਲ ਨਾਲ 1 ਘੰਟਾ ਚੱਲੀ ਮੀਟਿੰਗ ਦੌਰਾਨ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਹੜ੍ਹਾਂ ਸਬੰਧੀ ਗਲਤ ਜਾਣਕਾਰੀਆਂ ਦੇਣ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੰਮਾਂ ’ਚ ਦਖਲਅੰਦਾਜ਼ੀ ਕਰਨ ਦਾ ਆਰੋਪ ਲਗਾਇਆ। ਸ਼ੋ੍ਰਮਣੀ ਅਕਾਲੀ ਦਲ ਨੇ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਦੇਣ, ਲੰਘੇ ਸਾਲ ਬਣਾਈ ਗਈ ਗਲਤ ਐਕਸਾਈਜ਼ ਪਾਲਿਸੀ ਅਤੇ ਚੰਡੀਗੜ੍ਹ ’ਚ ਪੰਜਾਬ ਦੀਆਂ ਗੱਡੀਆਂ ਤੋਂ ਪਾਰਕਿੰਗ ਫੀਸ ਵਸੂਲਣ ਵਰਗੇ ਮੁੱਦਿਆਂ ’ਤੇ ਚਰਚਾ ਕੀਤੀ। ਅਕਾਲੀ ਦਲ ਦੇ ਵਫ਼ਦ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੋਲੋਂ ਇਨ੍ਹਾਂ ਮਾਮਲਿਆਂ ’ਚ ਖੁਦ ਦਖਲ ਦੇਣ ਦੀ ਮੰਗ ਕੀਤੀ।