ਆਟਾ-ਦਾਲ ਸਕੀਮ ਤਹਿਤ ਹੁਣ ਘਰ-ਘਰ ਆਟਾ ਪਹੁੰਚਾਏਗੀ ਪੰਜਾਬ ਸਰਕਾਰ
ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਨਵੀਂ ਖੇਡ ਪਾਲਿਸੀ ਨੂੰ ਦਿੱਤੀ ਗਈ ਮਨਜ਼ੂਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈ। ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ ਅਤੇ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਲਏ ਗਏ ਫੈਸਲਿਆਂ ਸਬੰਧੀ ਜਾਣਕਾਰੀ ਦਿੱਤੀ ਗਈ। ਹਰਪਾਲ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਸੁਫਨਾ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਹੈ, ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਅੱਜ ਦੀ ਮੀਟਿੰਗ ਦੌਰਾਨ ਕਈ ਅਹਿਮ ਫੈਸਲੇ ਲਏ ਗਏ। ਉਨ੍ਹਾਂ ਕਿਹਾ ਕਿ ਅਸੀਂ ਚੋਣਾਂ ਦੌਰਾਨ ਵਾਅਦਾ ਕੀਤਾ ਸੀ ਕਿ ਜਦੋਂ ਸਾਡੀ ਸਰਕਾਰ ਆਵੇਗੀ ਤਾਂ ਆਟਾ ਵੰਡਣ ਦੀ ਪ੍ਰਕਿਰਿਆ ਲੋਕਾਂ ਦੇ ਘਰ ਤੱਕ ਪਹੁੰਚਾਈ ਜਾਵੇਗੀ, ਜਿਸ ਨੂੰ ਅੱਜ ਮੀਟਿੰਗ ਦੌਰਾਨ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਲਈ ਮਾਰਕਫੈਡ ਵੱਲੋਂ 500 ਹੋਰ ਡਿਪੂ ਖੋਲ੍ਹੇ ਜਾਣਗੇ ਤਾਂ ਜੋ ਇਸ ਸਕੀਮ ਤੋਂ ਕੋਈ ਵਿਅਕਤੀ ਵਾਂਝਾ ਨਾ ਰਹਿ ਜਾਵੇ। ਇਸ ਤੋਂ ਇਲਾਵਾ ਅੱਜ ਦੀ ਮੀਟਿੰਗ ਦੌਰਾਨ ਪੰਜਾਬ ਦੀ ਸਪੋਰਟਸ ਪਾਲਿਸੀ ਨੂੰ ਮਨਜ਼ੂਰੀ ਦਿੱਤੀ ਗਈ ਹੈ ਅਤੇ ਨਵੀਂ ਸਪੋਰਟਸ ਪਾਲਿਸੀ ਲਿਆਂਦੀ ਜਾਵੇਗੀ। ਆਉਣ ਵਾਲੇ ਸਮੇਂ ’ਚ ਪੰਜਾਬ ਦੇ ਬਲਾਕ ਤੋਂ ਲੈ ਕੇ ਉਲੰਪਿਕ ਤੱਕ ਦਾ ਸਫਰ ਪੰਜਾਬ ਦੇ ਬੱਚੇ ਤੈਅ ਕਰਨਗੇ। ਇਸ ਤੋਂ ਇਲਾਵਾ ਪੰਜਾਬ ਦੇ 2 ਵੱਡੇ ਡੈਂਟਲ ਕਾਲਜ ਪਟਿਆਲਾ ਅਤੇ ਅੰਮਿ੍ਰਤਸਰ ਵਿਖੇ ਪ੍ਰੋਫੈਸਰਾਂ ਅਤੇ ਐਸੋਸੀਏਟ ਪ੍ਰੋਫੈਸਰਾਂ ਦੀਆਂ ਪੋਸਟਾਂ ਜੋ ਕਾਫੀ ਸਮੇਂ ਤੋਂ ਪੈਂਡਿੰਗ ਸੀ ਨੂੰ ਭਰਨ ਲਈ 30 ਪੋਸਟਾਂ ਨੂੰ ਪ੍ਰਵਾਨਗੀ ਦੇ ਦਿੱਤੀ ਗਈ। ਚੀਮਾ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਹੁਸ਼ਿਆਰਪੁਰ ਜਿਲ੍ਹੇ ਦੇ ਸ੍ਰੀ ਗੁਰੂ ਰਵਿਦਾਸ ਆਯੂਰਵੈਦਿਕ ਯੂਨੀਵਰਸਿਟੀ ’ਚ ਖਾਲੀ ਪਈਆਂ ਦੋ ਪੋਸਟਾਂ ਨੂੰ ਭਰਨ ਲਈ ਪ੍ਰਵਾਨਗੀ ਦਿੱਤੀ ਗਈ ਹੈ ਜੋ ਲੋਕਾਂ ਦੀ ਸਿਹਤ ਨੂੰ ਤੰਦਰੁਸਤ ਰੱਖਿਆ ਜਾ ਸਕੇ। ਚੀਮਾ ਨੇ ਕਿਹਾ ਕਿ ਪੰਜਾਬ ’ਚ ਹੜ੍ਹਾਂ ਨਾਲ ਕਿਸਾਨਾਂ ਦੀ ਫਸਲ ਬਰਬਾਦ ਹੋਈ ਹੈ, ਮਜ਼ਦੂਰ ਮਾਰੇ ਗਏ, ਸੜਕਾਂ ਅਤੇ ਹੋਰ ਢਾਂਚੇ ਬਰਬਾਦ ਹੋ ਗਏ ਹਨ, ਇਸ ਬਦਲੇ ਕੇਂਦਰ ਸਰਕਾਰ ਕੋਲੋਂ ਫੰਡ ਦੀ ਮੰਗ ਕੀਤੀ ਗਈ। ਚੀਮਾ ਨੇ ਦੱਸਿਆ ਕਿ ਹੜ੍ਹਾਂ ਦੌਰਾਨ ਪੰਜਾਬ ’ਚ 44 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਜਿਨ੍ਹਾਂ ਦੇ ਪਰਿਵਾਰਾਂ ਨੂੰ ਮਾਨ ਸਰਕਾਰ ਵੱਲੋਂ ਐਕਸਗ੍ਰੇਸ਼ੀਆ ਗ੍ਰਾਂਟ ਦਿੱਤੀ ਜਾ ਚੁੱਕੀ ਹੈ।