ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਮੈਨ ਨੂੰ ਹਾਈਕੋਰਟ ਨੇ ਦਿੱਤੀ ਰਾਹਤ
ਮਨੀਸ਼ਾ ਗੁਲਾਟੀ ਦੇ ਸਰਕਾਰੀ ਮਕਾਨ ਖਾਲੀ ਕਰਨ ਸਬੰਧੀ ਆਦੇਸ਼ ’ਤੇ ਲਗਾਈ ਰੋਕ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਮੈਨ ਮਨੀਸ਼ਾ ਗੁਲਾਟੀ ਨੂੰ ਹਾਈਕੋਰਟ ਕੋਲੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਗੁਲਾਟੀ ਦੇ ਚੰਡੀਗੜ੍ਹ ਸਥਿਤ ਸੈਕਟਰ 39 ਦੇ ਸਰਕਾਰੀ ਮਕਾਨ ਨੂੰ ਖਾਲੀ ਕਰਨ ਵਾਲੇ ਨਿਰਦੇਸ਼ ’ਤੇ ਰੋਕ ਲਗਾ ਦਿੱਤੀ ਹੈ। ਨਾਲ ਹੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 14 ਸਤੰਬਰ ਤੱਕ ਜਵਾਬ ਦਾਖਲ ਕਰਨ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਪੰਜਾਬ ਮਹਿਲਾ ਕਮਿਸ਼ਨ ਦੇ ਚੇਅਰਮੈਨ ਅਹੁਦੇ ’ਤੇ ਦਿੱਤੀ ਐਕਸਟੈਨਸ਼ਨ ਰੱਦ ਕਰਕੇ ਉਨ੍ਹਾਂ ਨੂੰ ਅਹੁਦੇ ਤੋ ਮੁਕਤ ਕਰ ਦਿੱਤਾ ਸੀ। ਫਿਰ ਹਾਈਕੋਰਟ ਨੇ 28 ਮਾਰਚ ਨੂੰ ਗੁਲਾਟੀ ਦੀ ਪਟੀਸ਼ਨ ਨੂੰ ਖਾਰਜ ਕਰਕੇ ਪੰਜਾਬ ਸਰਕਾਰ ਦਾ ਫੈਸਲਾ ਸਹੀ ਕਰਾਰ ਦਿੱਤਾ ਸੀ। ਇਸੇ ਤੋਂ ਬਾਅਦ ਮਨੀਸ਼ਾ ਗੁਲਾਟੀ ਨੇ ਸਿੰਗਲ ਬੈਂਚ ਦੇ ਫੈਸਲੇ ਦੇ ਖਿਲਾਫ ਹਾਈਕੋਰਟ ਦੀ ਡਬਲ ਬੈਂਚ ਕੋਲ ਅਪੀਲ ਕੀਤੀ ਸੀ। ਇਸ ’ਤੇ ਹਾਈਕੋਰਟ ਵਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਅਤੇ ਇਹ ਪਟੀਸ਼ਨ ਫਿਲਹਾਲ ਵਿਚਾਰ ਅਧੀਨ ਹੈ।