ਹਰਿਆਣਾ ਦੇ ਨੂਹ ਜ਼ਿਲ੍ਹੇ ’ਚ ਭੜਕੀ ਹਿੰਸਾ ਦੌਰਾਨ 5 ਵਿਅਕਤੀਆਂ ਦੀ ਗਈ ਜਾਨ
ਨੂੰਹ ’ਚ ਦੋ ਦਿਨ ਦਾ ਕਰਫਿਊ, 5 ਜ਼ਿਲ੍ਹਿਆ ’ਚ ਧਾਰਾ 144 ਲਾਗੂ ਅਤੇ ਇੰਟਰਨੈਟ ਸੇਵਾਵਾਂ ਬੰਦ
ਹਿਸਾਰ/ਬਿਊਰੋ ਨਿਊਜ਼ : ਹਰਿਆਣਾ ਦੇ ਨੂਹ ਜ਼ਿਲ੍ਹੇ ’ਚ ਵਿਸ਼ਵ ਹਿੰਦੂ ਪ੍ਰੀਸ਼ਦ ਦੀ ਬ੍ਰਜ ਮੰਡਲ ਯਾਤਰਾ ਦੌਰਾਨ ਹੋਈ ਹਿੰਸਾ ਵਿਚ ਹੁਣ ਤੱਕ 5 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ ਮਾਹੌਲ ਤਣਾਅ ਵਾਲਾ ਬਣਿਆ ਹੋਇਆ ਹੈ। ਨੂਹ ’ਚ ਦੋ ਦਿਨਾਂ ਦੇ ਲਈ ਕਰਫਿਊ ਲਗਾ ਦਿੱਤਾ ਗਿਆ ਜਦਕਿ ਸਥਿਤੀ ਨੂੰ ਕਾਬੂ ਹੇਠ ਕਰਨ ਲਈ ਪੂਰੇ ਇਲਾਕੇ ’ਚ ਪੈਰਾ ਮਿਲਟਰੀ ਫੋਰਸ ਦੀਆਂ 13 ਕੰਪਨੀਆਂ ਤਾਇਨਾਤ ਕਰ ਦਿੱਤੀਆਂ ਹਨ। ਉਧਰ ਨੂਹ ਨਾਲ ਲਗਦੇ ਰਾਜਸਥਾਨ ਦੇ ਭਰਤਪੁਰ ’ਚ ਵੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਇਥੇ ਵੀ 4 ਇਲਾਕਿਆਂ ’ਚ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਨੂਹ ’ਚ ਭੜਕੀ ਹਿੰਸਾ ਗੁਰੂਗ੍ਰਾਮ ਤੱਕ ਪਹੁੰਚ ਗਈ ਹੈ, ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਨੂੰਹ ਅਤੇ ਗੁਰੂਗ੍ਰਾਮ ਤੋਂ ਇਲਾਵਾ ਰੇਵਾੜੀ, ਪਲਵਲ ਅਤੇ ਫਰੀਦਾਬਾਦ ਸਮੇਤ 5 ਜ਼ਿਲ੍ਹਿਆਂ ’ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ ਅਤੇ ਇਨ੍ਹਾਂ ਜ਼ਿਲ੍ਹਿਆਂ ’ਚ ਇੰਟਰਨੈਟ ਸੇਵਾਵਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਨੂਹ, ਫਰੀਦਾਬਾਦ ਅਤੇ ਪਲਵਲ ’ਚ ਅੱਜ ਯਾਨੀ ਮੰਗਲਵਾਰ ਨੂੰ ਸਾਰੇ ਵਿੱਦਿਅਕ ਅਦਾਰੇ ਅਤੇ ਕੋਚਿੰਗ ਸੈਂਟਰ ਵੀ ਬੰਦ ਰਹੇ। ਬੋਰਡ ਦੀਆਂ 10ਵੀਂ ਅਤੇ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ ਜਿਹੜੀਆਂ 1 ਅਤੇ 2 ਅਗਸਤ ਨੂੰ ਹੋਣੀਆਂ ਸਨ ਉਨ੍ਹਾਂ ਨੂੰ ਫਿਲਹਾਲ ਰੱਦ ਕਰ ਦਿੱਤਾ ਗਿਆ। ਨੂਹ ਘਟਨਾਕ੍ਰਮ ਨੂੰ ਦੇਖਦਿਆਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਇਕ ਐਮਰਜੈਂਸੀ ਮੀਟਿੰਗ ਸੱਦੀ ਗਈ ਅਤੇ ਉਨ੍ਹਾਂ ਇਸ ਨੂੰ ਮੰਦਭਾਗੀ ਘਟਨਾ ਦੱਸਿਆ। ਉਨ੍ਹਾਂ ਕਿਹਾ ਕਿ ਨੂਹ ਘਟਨਾਕ੍ਰਮ ਦੌਰਾਨ 2 ਪੁਲਿਸ ਮੁਲਾਜ਼ਮਾਂ ਸਮੇਤ 5 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ ਅਤੇ ਅਸੀਂ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਾਂਗੇ। ਉਨ੍ਹਾਂ ਨੂੰ ਹਰਿਆਣਾ ਵਾਸੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਵੀ ਕੀਤੀ।