
ਨਵੀਂ ਦਿੱਲੀ/ਬਿਊਰੋ ਨਿਊਜ਼ : ‘ਇੰਡੀਆ’ ਗਠਜੋੜ ਦੇ ਮਨੀਪੁਰ ਦਾ ਦੌਰਾ ਕਰਨ ਵਾਲੇ 21 ਸੰਸਦ ਮੈਂਬਰਾਂ ਦੇ ਵਫ਼ਦ ਦੇ ਨਾਲ ਫਲੋਰ ਲੀਡਰਾਂ ਨੇ ਅੱਜ ਇਸ ਮਾਮਲੇ ਵਿਚ ਦਖ਼ਲ ਦੇਣ ਲਈ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ‘ਇੰਡੀਆ’ ਗਠਜੋੜ ਦੇ 31 ਮੈਂਬਰਾਂ ਨੇ ਰਾਸ਼ਟਰਪਤੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਮਨੀਪੁਰ ਦੌਰੇ ’ਤੇ ਗਏ 21 ਸੰਸਦ ਮੈਂਬਰਾਂ ਨੇ ਉਨ੍ਹਾਂ ਨੂੰ ਉੱਥੋਂ ਦੀ ਸਥਿਤੀ ਬਾਰੇ ਜਾਣੂ ਕਰਵਾਇਆ। ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪਿਆ ਹੈ ਅਤੇ ਉਨ੍ਹਾਂ ਨੂੰ ਮਨੀਪੁਰ ਵਿਚ ਔਰਤਾਂ ’ਤੇ ਹੋ ਰਹੇ ਅੱਤਿਆਚਾਰ, ਮੁੜ ਵਸੇਬੇ ਅਤੇ ਹੋਰ ਸਥਿਤੀਆਂ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਡੀ ਮੁੱਖ ਮੰਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਨੀਪੁਰ ਦਾ ਦੌਰਾ ਕਰਨਾ ਚਾਹੀਦਾ ਹੈ ਅਤੇ ਰਾਜ ਵਿਚ ਸ਼ਾਂਤੀ ਬਹਾਲ ਕਰਨ ਲਈ ਕਦਮ ਚੁੱਕਣੇ ਚਾਹੀਦੇ ਹਨ। ਖੜਗੇ ਨੇ ਅੱਗੇ ਕਿਹਾ ਕਿ ਅਸੀਂ ਸੰਸਦ ਵਿਚ ਮਨੀਪੁਰ ਦੇ ਮੁੱਦੇ ’ਤੇ ਚਰਚਾ ਚਾਹੁੰਦੇ ਹਾਂ, ਜਿਸ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਚਦੇ ਹੋਏ ਨਜ਼ਰ ਆ ਰਹੇ ਹਨ ਅਤੇ ਅਸੀਂ ਆਪਣੀਆਂ ਮੰਗਾਂ ਨੂੰ ਲੈ ਕੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਇਕ ਮੰਗ ਪੱਤਰ ਵੀ ਸੌਂਪਿਆ ਹੈ।