ਮਾਮਲੇ ਦੀ ਅਗਲੀ ਸੁਣਵਾਈ 4 ਅਗਸਤ ਨੂੰ ਹੋਵੇਗੀ
ਨਵੀਂ ਦਿੱਲੀ/ਬਿਊਰੋ ਨਿਊਜ਼ : 1984 ਸਿੱਖ ਕਤਲੇਆਮ ਮਾਮਲੇ ’ਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵੱਲੋਂ ਦਾਇਰ ਕੀਤੀ ਗਈ ਅਗਾਊਂ ਜ਼ਮਾਨਤ ਅਰਜ਼ੀ ’ਤੇ ਅੱਜ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿਚ ਸੁਣਵਾਈ ਹੋਈ। ਸੁਣਵਾਈ ਤੋਂ ਬਾਅਦ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵਲੋਂ ਦਾਖ਼ਲ ਕੀਤੀ ਗਈ ਪਟੀਸ਼ਨ ’ਤੇ 4 ਅਗਸਤ ਲਈ ਫ਼ੈਸਲਾ ਰਾਖਵਾਂ ਰੱਖ ਲਿਆ ਹੈ ਅਤੇ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 4 ਅਗਸਤ ਨੂੰ ਹੋਵੇਗੀ। ਸੁਣਵਾਈ ਦੌਰਾਨ ਸੀਬੀਆਈ ਨੇ ਜਗਦੀਸ਼ ਟਾਈਟਲਰ ਦੀ ਅਗਾਊਂ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦਿਆਂ ਕਿਹਾ ਕਿ ਗਵਾਹ ਵੱਡੀ ਹਿੰਮਤ ਦਿਖਾ ਕੇ ਸਾਹਮਣੇ ਆਏ ਹਨ ਅਤੇ ਉਨ੍ਹਾਂ ਦੇ ਪ੍ਰਭਾਵਿਤ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਸੀ.ਬੀ.ਆਈ. ਦਾ ਕਹਿਣਾ ਹੈ ਕਿ ਨਵੇਂ ਗਵਾਹਾਂ ਦੇ ਬਿਆਨਾਂ ਅਨੁਸਾਰ ਜਗਦੀਸ਼ ਟਾਈਟਲਰ ਦੀ ਭੂਮਿਕਾ 1984 ਸਿੱਖ ਕਤਲੇਆਮ ਦੇ ਮਾਮਲੇ ਵਿਚ ਸਾਹਮਣੇ ਆ ਰਹੀ ਹੈ। ਜਿਸ ਦੇ ਚਲਦਿਆਂ ਸੀਬੀਆਈ ਵੱਲੋਂ ਜਗਦੀਸ਼ ਟਾਈਟਲਰ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ ਕੀਤਾ ਗਿਆ ਪ੍ਰੰਤੂ ਅਦਾਲਤ ਨੇ ਸੁਣਵਾਈ ਤੋਂ ਬਾਅਦ ਫੈਸਲਾ ਰਾਖਵਾਂ ਰੱਖ ਲਿਆ। ਹੁਣ ਦੇਖਣਾ ਇਹ ਹੈ ਕਿ ਅਦਾਲਤ ਆਉਂਦੀ 4 ਅਗਸਤ ਨੂੰ ਜਗਦੀਸ਼ ਟਾਈਟਲਰ ਨੂੰ ਜ਼ਮਾਨਤ ਦਿੰਦੀ ਹੈ ਜਾਂ ਨਹੀਂ।