ਕਾਂਗਰਸ ਦਾ ਕੋਈ ਵੀ ਵਿਧਾਇਕ ‘ਆਪ’ ਸਰਕਾਰ ’ਚ ਮੰਤਰੀ ਬਣਦਾ ਹੈ ਤਾਂ ਉਹ ਸਿਆਸਤ ਛੱਡ ਦੇਣਗੇ : ਰਾਜਾ ਵੜਿੰਗ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਪੰਜਾਬ ਕਾਂਗਰਸ ਵਿਚਾਲੇ ਗਠਜੋੜ ਦੀਆਂ ਚਰਚਾਵਾਂ ਨੇ ਅੱਜਕੱਲ੍ਹ ਜ਼ੋਰ ਫੜਿਆ ਹੋਇਆ ਹੈ। ਇਸ ’ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਰਾਜਾ ਵੜਿੰਗ ਨੇ ਕਿਹਾ ਕਿ ਜੇਕਰ ਸਾਡੇ ਵਿਚੋਂ ਕੋਈ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਮੰਤਰੀ ਬਣਦਾ ਹੈ ਤਾਂ ਉਹ ਸਿਆਸਤ ਛੱਡ ਦੇਣਗੇ। ਰਾਜਾ ਵੜਿੰਗ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਗਠਜੋੜ ਦੀਆਂ ਚਰਚਾਵਾਂ ਨੂੰ ਅਫਵਾਹ ਦੱਸਿਆ ਹੈ। ਉਧਰ ਦੂਜੇ ਪਾਸੇ ਭਾਜਪਾ ਆਗੂ ਸੁਨੀਲ ਜਾਖੜ ਦਾ ਕਹਿਣਾ ਹੈ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਗਠਜੋੜ ਤੈਅ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਸਿਆਸੀ ਪਾਰਟੀਆਂ ਵਿਚ ਲੋਕ ਸਭਾ ਚੋਣਾਂ 2024 ਨੂੰ ਲੈ ਕੇ ਸੀਟਾਂ ਦੀ ਵੰਡ ਸਬੰਧੀ ਗੱਲਬਾਤ ਵੀ ਚੱਲ ਰਹੀ ਹੈ। ਜਾਖੜ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਆਗੂ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਮੰਤਰੀ ਦਾ ਅਹੁਦਾ ਵੀ ਚਾਹੁੰਦੇ ਹਨ ਤਾਂ ਕਿ ਲੋਕਾਂ ਵਿਚ ਵਿਚਰਿਆ ਜਾ ਸਕੇ। ਸੁਨੀਲ ਜਾਖੜ ਨੇ ਕਿਹਾ ਕਿ ‘ਆਪ’ ਸਰਕਾਰ ਨਾਲ ਗਠਜੋੜ ਕਰਕੇ ਕਈ ਕਾਂਗਰਸੀ ਆਗੂ ਵਿਜੀਲੈਂਸ ਕੇਸਾਂ ਨੂੰ ਸੁਲਝਾਉਣ ਦੀਆਂ ਕੋਸ਼ਿਸ਼ਾਂ ਵਿਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਆਉਂਦੇ ਸਮੇਂ ਵਿਚ ਇਹ ਸਪੱਸ਼ਟ ਹੋ ਜਾਵੇਗਾ ਕਿ ਮੁੱਖ ਮੰਤਰੀ ਭਗਵੰਤ ਮਾਨ ਇਸ ਗਠਜੋੜ ਦੇ ਮੱਦੇਨਜ਼ਰ ਭਿ੍ਰਸ਼ਟਾਚਾਰ ਦੇ ਖਿਲਾਫ ਆਪਣੀ ਕਾਰਵਾਈ ਜਾਰੀ ਰੱਖਣਗੇ ਜਾਂ ਫਿਰ ਵਿਜੀਲੈਂਸ ਦੀ ਕਾਰਵਾਈ ਨੂੰ ਰੋਕਣਗੇ।