ਕਿਹਾ : 20 ਸਾਲ ਤੋਂ ਚੰਡੀਗੜ੍ਹ ਵਿਚ ‘ਆਪ’ ਦਾ ਕੋਈ ਸੰਸਦ ਮੈਂਬਰ ਨਹੀਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਚੰਡੀਗੜ੍ਹ ਵਿਚ ਆਮ ਆਦਮੀ ਪਾਰਟੀ ਦੇ ਦਫਤਰ ਲਈ ਜਗ੍ਹਾ ਨਹੀਂ ਮਿਲੇਗੀ। ਆਮ ਆਦਮੀ ਪਾਰਟੀ ਦੀ ਇਸ ਮੰਗ ਨੂੰ ਵੱਡਾ ਝਟਕਾ ਲੱਗਾ ਹੈ, ਕਿਉਂਕਿ ਚੰਡੀਗੜ੍ਹ ਪ੍ਰਸ਼ਾਸਨ ਨੇ ‘ਆਪ’ ਦੀ ਇਹ ਮੰਗ ਠੁਕਰਾ ਦਿੱਤੀ ਹੈ। ਯੂਟੀ ਪ੍ਰਸ਼ਾਸਨ ਨੇ ਇਸਦਾ ਕਾਰਨ ਪਿਛਲੇ 20 ਸਾਲ ਤੋਂ ਚੰਡੀਗੜ੍ਹ ’ਚ ਆਮ ਆਦਮੀ ਪਾਰਟੀ ਦਾ ਕੋਈ ਵੀ ਸੰਸਦ ਮੈਂਬਰ ਨਾ ਹੋਣਾ ਦੱਸਿਆ ਹੈ। ਧਿਆਨ ਰਹੇ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖ ਕੇ ਚੰਡੀਗੜ੍ਹ ਵਿਚ ‘ਆਪ’ ਦੇ ਦਫਤਰ ਲਈ ਜਗ੍ਹਾ ਦੀ ਮੰਗ ਕੀਤੀ ਸੀ। ਸੀਐਮ ਮਾਨ ਨੇ ਕਿਹਾ ਸੀ ਕਿ ਉਨ੍ਹਾਂ ਨੇ ਇਸ ਮੁੱਦੇ ’ਤੇ ਪਹਿਲਾਂ ਵੀ ਰਾਜਪਾਲ ਨੂੰ ਪੱਤਰ ਲਿਖਿਆ ਸੀ, ਪਰ ਕੋਈ ਪ੍ਰਤੀਕਿਰਿਆ ਨਹੀਂ ਮਿਲੀ, ਜਦੋਂ ਕਿ ਰਾਜਪਾਲ, ਚੰਡੀਗੜ੍ਹ ਦੇ ਪ੍ਰਸ਼ਾਸਕ ਵੀ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਆਮ ਆਦਮੀ ਪਾਰਟੀ ਨੂੰ ਚੰਡੀਗੜ੍ਹ ਵਿਚ ਜਗ੍ਹਾ ਦੇਣ ਸਬੰਧੀ ਕੋਈ ਜਵਾਬ ਨਹੀਂ ਦਿੱਤਾ ਜਾ ਰਿਹਾ। ਜਦੋਂ ਕਿ ਖੇਤਰੀ ਪਾਰਟੀ ਸ਼ੋ੍ਰਮਣੀ ਅਕਾਲੀ ਦਲ ਦੇ ਕੋਲ ਚੰਡੀਗੜ੍ਹ ਦੇ ਸੈਕਟਰ 28 ਵਿਚ ਤਿੰਨ ਏਕੜ ਜ਼ਮੀਨ ਹੈ। ਕਾਂਗਰਸ ਪਾਰਟੀ ਕੋਲ ਸੈਕਟਰ 15 ਵਿਚ ਇਕ ਏਕੜ ਤੋਂ ਜ਼ਿਆਦਾ ਜ਼ਮੀਨ ਹੈ ਅਤੇ ਭਾਰਤੀ ਜਨਤਾ ਪਾਰਟੀ ਕੋਲ ਸੈਕਟਰ 33 ਅਤੇ ਸੈਕਟਰ 37 ਵਿਚ ਦੋ ਥਾਈਂ ਜਗ੍ਹਾ ਹੈ। ਸਿਆਸੀ ਹਲਕਿਆਂ ਵਿਚ ਚਰਚਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬੀਐਲ ਪੁਰੋਹਿਤ ਵਿਚਾਲੇ ਚੱਲ ਰਹੀ ਖਿੱਚੋਤਾਣ ਕਰਕੇ ਹੀ ‘ਆਪ’ ਨੂੰ ਚੰਡੀਗੜ੍ਹ ਵਿਚ ਜਗ੍ਹਾ ਨਹੀਂ ਮਿਲ ਰਹੀ।