ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਸੰਵਿਧਾਨ ਦੀ ਧਾਰਾ 370 ਨੂੰ ਰੱਦ ਕਰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਅੱਜ 2 ਅਗਸਤ ਤੋਂ ਸੁਣਵਾਈ ਸ਼ੁਰੂ ਕਰ ਦਿੱਤੀ ਹੈ। ਮਾਨਯੋਗ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲਾ ਪੰਜ ਜੱਜਾਂ ਦਾ ਸੰਵਿਧਾਨਕ ਬੈਂਚ ਇਸ ਮਾਮਲੇ ਦੀ ਰੋਜ਼ਾਨਾ ਸੁਣਵਾਈ ਕਰੇਗਾ। ਬੈਂਚ ਵਿੱਚ ਜਸਟਿਸ ਸੰਜੈ ਕਿਸ਼ਨ ਕੌਲ, ਜਸਟਿਸ ਸੰਜੀਵ ਖੰਨਾ, ਜਸਟਿਸ ਬੀਆਰ ਗਵਈ ਅਤੇ ਜਸਟਿਸ ਸੂਰਿਆ ਕਾਂਤ ਸ਼ਾਮਲ ਹਨ। ਆਰਟੀਕਲ 370 ‘ਤੇ ਸੁਪਰੀਮ ਕੋਰਟ ‘ਚ 3 ਸਾਲਾਂ ਬਾਅਦ ਸੁਣਵਾਈ ਸ਼ੁਰੂ ਹੋਈ ਹੈ। ਇਸ ਤੋਂ ਪਹਿਲਾਂ 2020 ਵਿਚ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ ਸੀ। ਉਸ ਸਮੇਂ ਅਦਾਲਤ ਨੇ ਕਿਹਾ ਸੀ ਕਿ ਅਸੀਂ ਇਹ ਮਾਮਲਾ ਵੱਡੀ ਸੰਵਿਧਾਨਕ ਬੈਂਚ ਨੂੰ ਟਰਾਂਸਫਰ ਕਰ ਰਹੇ ਹਾਂ। ਜ਼ਿਕਰਯੋਗ ਹੈ ਕਿ 11 ਜੁਲਾਈ ਨੂੰ ਇਸ ਮਾਮਲੇ ਨੂੰ ਲੈ ਕੇ ਮਾਨਯੋਗ ਚੀਫ ਜਸਟਿਸ ਡੀ.ਵਾਈ.ਚੰਦਰਚੂੜ ਦੀ ਅਗਵਾਈ ਵਾਲੀ ਬੈਂਚ ਨੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਲਈ ਲਿਖਤ ਪਟੀਸ਼ਨ ਦਾਖਲ ਕਰਨ ਦੇ ਲਈ 27 ਜੁਲਾਈਂ ਤੱਕ ਤਰੀਕ ਤੈਅ ਕੀਤੀ ਸੀ। ਬੈਂਚ ਨੇ ਕਿਹਾ ਸੀ ਕਿ ਅਸੀਂ ਇਨ੍ਹਾਂ ਪਟੀਸ਼ਨਾਂ ‘ਤੇ ਸੋਮਵਾਰ ਅਤੇ ਸ਼ੁੱਕਰਵਾਰ ਨੂੰ ਛੱਡ ਕੇ ਹਰ ਦਿਨ ਸੁਣਵਾਈ ਕਰਾਂਗੇ।