ਅੰਮ੍ਰਿਤਸਰ : ਬਰਤਾਨੀਆ ਵਿਚ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਕੋਲੋਂ ਵੀਰਵਾਰ ਸਵੇਰੇ ਅੰਮ੍ਰਿਤਸਰ ਦੇ ਏਅਰਪੋਰਟ ‘ਤੇ ਕਰੀਬ ਦੋ ਘੰਟੇ ਪੁੱਛਗਿੱਛ ਹੋਈ ਹੈ। ਢੇਸੀ ਏਅਰ ਇੰਡੀਆ ਦੀ ਫਲਾਈਟ ਵਿਚ ਬਰਮਿੰਘਮ ਤੋਂ ਅੰਮ੍ਰਿਤਸਰ ਪਹੁੰਚੇ ਸਨ। ਜਦੋਂ ਉਹ ਅੰਮ੍ਰਿਤਸਰ ਦੇ ਏਅਰਪੋਰਟ ਪਹੁੰਚੇ ਤਾਂ ਇਮੀਗਰੇਸ਼ਨ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਰੋਕ ਲਿਆ ਗਿਆ। ਮੀਡੀਆ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਇਮੀਗਰੇਸ਼ਨ ਅਧਿਕਾਰੀਆਂ ਦਾ ਕਹਿਣਾ ਸੀ ਕਿ ਅੰਮ੍ਰਿਤਸਰ ਪਹੁੰਚੇ ਤਨਮਨਜੀਤ ਸਿੰਘ ਢੇਸੀ ਕੋਲ ਜ਼ਰੂਰੀ ਦਸਤਾਵੇਜ਼ ਨਹੀਂ ਸਨ। ਉਨ੍ਹਾਂ ਕੋਲ ਓਵਰਸੀਜ਼ ਸਿਟੀਜਨ ਆਫ ਇੰਡੀਆ ਕਾਰਡ ਨਹੀਂ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਏਅਰਪੋਰਟ ‘ਤੇ ਰੋਕ ਲਿਆ ਗਿਆ। ਇਸ ਦੌਰਾਨ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਗਈ ਅਤੇ ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਉਹ ਯੂ.ਕੇ. ਵਿਚ ਸੰਸਦ ਮੈਂਬਰ ਹਨ। ਇਸ ਤੋਂ ਬਾਅਦ ਇਮੀਗਰੇਸ਼ਨ ਅਧਿਕਾਰੀਆਂ ਨੇ ਉਨ੍ਹਾਂ ਨੂੰ ਦਸਤਾਵੇਜ਼ ਪੂਰੇ ਕਰਨ ਲਈ ਕਿਹਾ। ਤਕਰੀਬਨ ਦੋ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਤਨਮਨਜੀਤ ਸਿੰਘ ਢੇਸੀ ਹੋਰਾਂ ਨੇ ਆਪਣੇ ਦਸਤਾਵੇਜ਼ ਪੂਰੇ ਕਰ ਲਏ ਅਤੇ ਉਨ੍ਹਾਂ ਨੂੰ ਏਅਰਪੋਰਟ ਤੋਂ ਬਾਹਰ ਜਾਣ ਦਿੱਤਾ ਗਿਆ।