Breaking News
Home / ਪੰਜਾਬ / ਪੰਜਾਬ ‘ਚ ਨਵੀਂ ਖੇਡ ਨੀਤੀ : ਓਲੰਪਿਕ ਤਗਮਾ ਜੇਤੂਆਂ ਨੂੰ ਮਿਲਣਗੇ ਬਹੁ-ਕਰੋੜੀ ਇਨਾਮ

ਪੰਜਾਬ ‘ਚ ਨਵੀਂ ਖੇਡ ਨੀਤੀ : ਓਲੰਪਿਕ ਤਗਮਾ ਜੇਤੂਆਂ ਨੂੰ ਮਿਲਣਗੇ ਬਹੁ-ਕਰੋੜੀ ਇਨਾਮ

ਕੌਮਾਂਤਰੀ ਪੱਧਰ ‘ਤੇ ਜੇਤੂ ਖਿਡਾਰੀਆਂ ਨੂੰ ਮਿਲੇਗੀ ਸਰਕਾਰੀ ਨੌਕਰੀ, ਸੂਬੇ ‘ਚ ਕੋਚਾਂ ਦੀ ਗਿਣਤੀ 309 ਤੋਂ ਵਧਾ ਕੇ 2360 ਕਰਨ ਦਾ ਫ਼ੈਸਲਾ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਨੂੰ ਖੇਡਾਂ ਦੇ ਖੇਤਰ ‘ਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਨਵੀਂ ਖੇਡ ਨੀਤੀ-2023 ਤਿਆਰ ਕੀਤੀ ਗਈ ਹੈ। ਇਸ ਨੀਤੀ ਨੂੰ ਪਿਛਲੇ ਦਿਨੀਂ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ‘ਚ ਪ੍ਰਵਾਨਗੀ ਮਿਲ ਚੁੱਕੀ ਹੈ। ਨਵੀਂ ਖੇਡ ਨੀਤੀ ‘ਚ ਖਿਡਾਰੀਆਂ ਨੂੰ ਮਜ਼ਬੂਤ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਅਤੇ ਕੌਮਾਂਤਰੀ ਪੱਧਰ ਦੀਆਂ ਖੇਡਾਂ ਲਈ ਤਿਆਰੀਆਂ ਕਰਨ ਵਾਲੇ ਖਿਡਾਰੀਆਂ ਨੂੰ ਸਹਾਇਤਾ ਰਾਸ਼ੀ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕੌਮਾਂਤਰੀ ਪੱਧਰ ‘ਤੇ ਜੇਤੂ ਖਿਡਾਰੀਆਂ ਨੂੰ ਨਕਦ ਇਨਾਮ ਤੇ ਨੌਕਰੀ ਵੀ ਦਿੱਤੀ ਜਾਵੇਗੀ।
ਸੂਬੇ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆਂ ਨਵੀਂ ਖੇਡ ਨੀਤੀ-2023 ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਓਲੰਪਿਕ ਖੇਡਾਂ ਦੇ ਸੋਨੇ, ਚਾਂਦੀ ਤੇ ਕਾਂਸੇ ਦੇ ਤਗਮਾ ਜੇਤੂ ਖਿਡਾਰੀਆਂ ਨੂੰ ਦਿੱਤੀ ਜਾਣ ਵਾਲੀ ਇਨਾਮੀ ਰਾਸ਼ੀ ਵਧਾ ਕੇ ਕ੍ਰਮਵਾਰ 3 ਕਰੋੜ, 2 ਕਰੋੜ ਤੇ ਇਕ ਕਰੋੜ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਕਰੀਬ 25 ਖੇਡਾਂ ‘ਚ ਤਗ਼ਮਾ ਜੇਤੂਆਂ ਨੂੰ ਨਕਦ ਇਨਾਮ ਮਿਲਦੇ ਸਨ, ਹੁਣ ਇਨ੍ਹਾਂ ਦੀ ਗਿਣਤੀ ਵਧਾ ਕੇ 80 ਕਰ ਦਿੱਤੀ ਗਈ ਹੈ।
ਖੇਡ ਮੰਤਰੀ ਨੇ ਕਿਹਾ ਕਿ ਕੌਮਾਂਤਰੀ ਪੱਧਰ ‘ਤੇ ਜਿੱਤਣ ਵਾਲੇ ਖਿਡਾਰੀਆਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਇਸ ਲਈ ਤਗਮਾ ਜੇਤੂ ਖਿਡਾਰੀਆਂ ਲਈ ਵਿਸ਼ੇਸ਼ ਕਾਡਰ ‘ਚ 500 ਪੋਸਟਾਂ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ‘ਚ 40 ਡਿਪਟੀ ਡਾਇਰੈਕਟਰ, 92 ਸੀਨੀਅਰ ਕੋਚ, 138 ਕੋਚ ਤੇ 230 ਜੂਨੀਅਰ ਕੋਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ‘ਚ 2017 ਕੋਚਾਂ ਦੇ ਮੁਕਾਬਲੇ ਪੰਜਾਬ ‘ਚ ਸਿਰਫ 309 ਕੋਚ ਸਨ, ਜਿਨ੍ਹਾਂ ਦੀ ਗਿਣਤੀ ਵਧਾ ਕੇ 2360 ਕੀਤੀ ਜਾ ਰਹੀ ਹੈ।
ਖੇਡ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਵੀਂ ਖੇਡ ਨੀਤੀ ‘ਚ ਓਲੰਪਿਕ ਖੇਡਾਂ ਤੇ ਪੈਰਾਲੰਪਿਕਸ ਖੇਡਾਂ ਦੀ ਤਿਆਰੀ ਲਈ 15-15 ਲੱਖ ਰੁਪਏ, ਡੈਫਲੰਪਿਕਸ, ਸਪੈਸ਼ਲ ਓਲੰਪਿਕਸ, ਵਿਸ਼ਵ ਚੈਂਪੀਅਨਸ਼ਿਪ ਤੇ ਵਿਸ਼ਵ ਕੱਪ, ਏਸ਼ੀਅਨ ਗੇਮਜ਼, ਪੈਰਾ ਏਸ਼ੀਅਨ ਤੇ ਡੈਫ-ਏਸ਼ੀਅਨ ਗੇਮਜ਼, ਰਾਸ਼ਟਰਮੰਡਲ ਖੇਡਾਂ, ਪੈਰਾ ਤੇ ਡੈਫ-ਰਾਸ਼ਟਰਮੰਡਲ ਖੇਡਾਂ ਅਤੇ ਚਾਰ ਸਾਲਾਂ ਬਾਅਦ ਹੋਣ ਵਾਲੀਆਂ ਵਿਸ਼ਵ ਖੇਡਾਂ ਲਈ 8-8 ਲੱਖ ਰੁਪਏ, ਸਪੈਸ਼ਲ ਓਲੰਪਿਕਸ ਲਈ 7 ਲੱਖ ਰੁਪਏ, ਆਈਸੀਸੀ ਵਿਸ਼ਵ ਕੱਪ, ਵਿਸ਼ਵ ਟੈਸਟ ਚੈਂਪੀਅਨਸ਼ਿਪ, ਟੀ-20 ਵਿਸ਼ਵ ਕੱਪ ਤੇ ਬਲਾਈਂਡ ਵਿਸ਼ਵ ਕੱਪ ਲਈ 6-6 ਲੱਖ ਰੁਪਏ, ਹਰ ਸਾਲ ਹੋਣ ਵਾਲੀ ਵਿਸ਼ਵ ਚੈਂਪੀਅਨਸ਼ਿਪ ਤੇ ਐਫਰੋ-ਏਸ਼ੀਅਨ ਖੇਡਾਂ ਲਈ 5 ਲੱਖ ਰੁਪਏ, ਯੂਥ ਓਲੰਪਿਕਸ, ਏਸ਼ੀਅਨ ਤੇ ਰਾਸ਼ਟਰਮੰਡਲ ਖੇਡਾਂ ਲਈ 4-4 ਲੱਖ ਰੁਪਏ, ਸੈਫ ਗੇਮਜ਼ ਤੇ ਸੈਫ ਚੈਂਪੀਅਨਸ਼ਿਪ ਲਈ 3-3 ਲੱਖ ਰੁਪਏ, ਵਿਸ਼ਵ ਯੂਨੀਵਰਸਿਟੀ ਖੇਡਾਂ, ਯੂਥ ਕਾਮਨਵੈਲਥ ਖੇਡਾਂ, ਵਿਸ਼ਵ ਜੂਨੀਅਰ ਖੇਡਾਂ ਤੇ ਚੈਂਪੀਅਨਸ਼ਿਪ ਲਈ 1-1 ਲੱਖ ਰੁਪਏ ਦਿੱਤੇ ਜਾਣਗੇ।
ਕੌਮੀ ਮੁਕਾਬਲਿਆਂ ਲਈ ਖਿਡਾਰੀ ਤਿਆਰ ਕਰਨ ਲਈ ਹਰ ਜ਼ਿਲ੍ਹੇ ‘ਚ ਸਪੋਰਟਸ ਹੋਸਟਲ ਬਣਾਏ ਜਾਣਗੇ। ਇਸ ਤੋਂ ਇਲਾਵਾ ਜਲੰਧਰ, ਮਾਹਿਲਪੁਰ, ਮੁਹਾਲੀ, ਪਟਿਆਲਾ, ਲੁਧਿਆਣਾ, ਬਠਿੰਡਾ ਤੇ ਅੰਮ੍ਰਿਤਸਰ ਦਾ ਜ਼ਿਲ੍ਹਾ ਪੱਧਰੀ ਢਾਂਚਾ ਸੂਬਾ ਪੱਧਰ ਤੱਕ ਅੱਪਗ੍ਰੇਡ ਕੀਤਾ ਜਾਵੇਗਾ।
ਖਿਡਾਰੀਆਂ ਲਈ ਵਜ਼ੀਫਾ ਸਕੀਮ ਸ਼ੁਰੂ ਕਰਨ ਦਾ ਐਲਾਨ
ਖੇਡ ਮੰਤਰੀ ਮੀਤ ਹੇਅਰ ਨੇ ਦੱਸਿਆ ਕਿ ਕੌਮੀ ਪੱਧਰ ‘ਤੇ ਤਗਮਾ ਜੇਤੂਆਂ ਨੂੰ ਮਹੀਨਾਵਾਰ ਵਜ਼ੀਫਾ ਦੇਣ ਲਈ ਪਹਿਲੀ ਵਾਰ ਬਲਬੀਰ ਸਿੰਘ ਸੀਨੀਅਰ ਵਜ਼ੀਫਾ ਸਕੀਮ ਸ਼ੁਰੂਆਤ ਕੀਤੀ ਗਈ ਹੈ। ਇਸ ਸਕੀਮ ਤਹਿਤ ਸੀਨੀਅਰ ਪੱਧਰ ‘ਤੇ ਕੌਮੀ ਪੱਧਰ ‘ਤੇ ਤਗਮਾ ਜਿੱਤਣ ਵਾਲੇ ਨੂੰ ਇਕ ਸਾਲ ਲਈ 16 ਹਜ਼ਾਰ ਰੁਪਏ ਪ੍ਰਤੀ ਮਹੀਨਾ ਅਤੇ ਜੂਨੀਅਰ ਪੱਧਰ ‘ਤੇ ਤਗਮਾ ਜੇਤੂ ਨੂੰ ਇਕ ਸਾਲ ਲਈ 12 ਹਜ਼ਾਰ ਰੁਪਏ ਪ੍ਰਤੀ ਮਹੀਨਾ ਵਜ਼ੀਫਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਕੋਚਾਂ ਲਈ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਕੋਚ ਐਵਾਰਡ ਤੇ ਖੇਡ ਪ੍ਰਮੋਟਰਾਂ ਲਈ ਮਿਲਖਾ ਸਿੰਘ ਐਵਾਰਡ ਫਾਰ ਸਪੋਰਟਸ ਪ੍ਰਮੋਟਰਜ਼ ਸ਼ੁਰੂ ਕੀਤਾ ਗਿਆ ਹੈ।

 

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …