ਰਾਹੁਲ ਗਾਂਧੀ ਦੀ ਸਜ਼ਾ ਮੁਆਫ਼ੀ ਤੋਂ ਕਾਂਗਰਸ ਪਾਰਟੀ ’ਚ ਖੁਸ਼ੀ ਦੀ ਲਹਿਰ
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਬੋਲੇ : ਸਚਾਈ ਦੀ ਹੋਈ ਜਿੱਤ
ਚੰਡੀਗੜ੍ਹ/ਬਿਊਰੋ ਨਿਊਜ਼ : ਮੋਦੀ ਸਰਨੇਮ ਮਾਮਲੇ ’ਚ ਅੱਜ ਸੁਪਰੀਮ ਕੋਰਟ ਨੇ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਸਜ਼ਾ ’ਤੇ ਰੋਕ ਲਗਾ ਦਿੱਤੀ, ਜਿਸ ਤੋਂ ਕਾਂਗਰਸ ਪਾਰਟੀ ਅੰਦਰ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪੰਜਾਬ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਨੂੰ ਸੱਚਾਈ ਦੀ ਜਿੱਤ ਦੱਸਿਆ ਅਤੇ ਉਨ੍ਹਾਂ ਮਾਣਯੋਗ ਸੁਪਰੀਮ ਕੋਰਟ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਸੁਪਰੀਮ ਕੋਰਟ ਦੇ ਇਸ ਫੈਸਲੇ ਤੋਂ ਬਾਅਦ ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਸਚਾਈ ਨੂੰ ਪਿਆਰ ਕਰਨ ਵਾਲੇ ਲੋਕਾਂ ਨੂੰ ਵਧਾਈ ਦਿੱਤੀ। ਰਾਜਾ ਵੜਿੰਗ ਨੇ ਕਿਹਾ ਕਿ ਜੋ ਲੋਕ ਸਚਾਈ ਨੂੰ, ਲੋਕਤੰਤਰ ਨੂੰ ਪਿਆਰ ਕਰਦੇ ਹਨ ਅਤੇ ਦੇਸ਼ ਦੇ ਸੰਵਿਧਾਨ ’ਚ ਵਿਸ਼ਵਾਸ ਰੱਖਦੇ ਹਨ ਉਨ੍ਹਾਂ ਲਈ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਅੱਜ ਨੇਕੀ ਅਤੇ ਸੱਚ ਦੀ ਜਿੱਤ ਹੋਈ ਹੈ। ਰਾਜਾ ਵੜਿੰਗ ਨੇ ਮਾਣਯੋਗ ਸੁਪਰੀਮ ਕੋਰਟ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅਦਾਲਤ ਨੇ ਸਚਾਈ ਨੂੰ ਸਾਹਮਣੇ ਰੱਖਦੇ ਹੋਏ ਇਹ ਫੈਸਲਾ ਸੁਣਾਇਆ ਹੈ। ਇਸ ਨਾਲ ਸਮਾਜ ਦੇ ਹਰ ਵਰਗ ਨੂੰ ਇਕ ਵਧੀਆ ਸੁਨੇਹਾ ਮਿਲਿਆ ਕਿ ਸੱਚ ਹਮੇਸ਼ਾ ਹੀ ਜਿੱਤਦਾ ਆਇਆ ਹੈ। ਇਸ ਫੈਸਲੇ ਬਾਅਦ ਹੁਣ ਰਾਹੁਲ ਗਾਂਧੀ ਦੀ ਸੰਸਦ ਮੈਂਬਰੀ ਬਹਾਲ ਹੋ ਗਈ ਅਤੇ ਉਹ ਮਾਨਸੂਨ ਸੈਸ਼ਨ ਵਿਚ ਹਿੱਸਾ ਲੈ ਸਕਣਗੇ।