ਗੁਰਦਾਸਪੁਰ ’ਚ ‘ਆਪ’ ਆਗੂ ਸਮਸ਼ੇਰ ਸਿੰਘ ਦਾ ਕਿਸਾਨਾਂ ਵੱਲੋਂ ਵਿਰੋਧ
ਕਾਨਾ ਪਿੰਡ ’ਚ ਖਰਾਬ ਹੋਈਆਂ ਫਸਲਾਂ ਦਾ ਨਿਰੀਖਣ ਕਰਨ ਲਈ ਪਹੁੰਚਿਆ ਸੀ ਸਮਸ਼ੇਰ
ਗੁਰਦਾਸਪੁਰ/ਬਿਊਰੋ ਨਿਊਜ਼ : ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਦੀਨਾਨਗਰ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸਮਸ਼ੇਰ ਸਿੰਘ ਦਾ ਕਾਨਾ ਪਿੰਡ ’ਚ ਕਿਸਾਨਾਂ ਨੇ ਵਿਰੋਧ ਕੀਤਾ। ਉਹ ਭਾਰੀ ਬਾਰਿਸ਼ ਅਤੇ ਆਏ ਹੜ੍ਹਾਂ ਕਾਰਨ ਖਰਾਬ ਹੋਈਆਂ ਫਸਲਾਂ ਦਾ ਨਿਰੀਖਣ ਕਰਨ ਲਈ ਪਹੁੰਚੇ ਸਨ। ਇਸ ਦੌਰਾਨ ਇਕੱਠੇ ਹੋਏ ਕਿਸਾਨਾਂ ਨੇ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਵੀ ਲਗਾਏ। ਕਿਸਾਨਾਂ ਨੇ ਕਿਹਾ ਕਿ ਜਦੋਂ ਪਿੰਡਾਂ ਵਿਚ ਹੜ੍ਹਾਂ ਦਾ ਪਾਣੀ ਆਇਆ ਸੀ ਤਾਂ ਉਸ ਸਮੇਂ ਹਲਕਾ ਇੰਚਾਰਜ ਸਮਸ਼ੇਰ ਸਿੰਘ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਸੀ ਕਿ ਉਹ ਖੇਤਾਂ ਵਿਚੋਂ ਪਾਣੀ ਕੱਢਣ ਦੇ ਲਈ ਉਚਿਤ ਪ੍ਰਬੰਧ ਕਰਨਗੇ। ਪ੍ਰੰਤੂ ਇੰਨਾ ਸਮਾਂ ਬੀਤ ਜਾਣ ਮਗਰੋਂ ਵੀ ਪਾਣੀ ਦੀ ਨਿਕਾਸੀ ਨਹੀਂ ਕਰਵਾਈ ਗਈ ਅਤੇ ਨਾ ਇਸ ਦਾ ਕੋਈ ਸਥਾਈ ਹੱਲ ਕੱਢਿਆ ਗਿਆ, ਜਿਸ ਨੂੰ ਲੈ ਕੇ ਕਿਸਾਨਾਂ ਅੰਦਰ ਕਾਫੀ ਗੁੱਸਾ ਸੀ। ਜਿਸ ਦੇ ਚਲਦਿਆਂ ‘ਆਪ’ ਆਗੂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਅਤੇ ਮਾਹੌਲ ਖਰਾਬ ਹੁੰਦਾ ਦੇਖ ਸਮਸ਼ੇਰ ਸਿੰਘ ਨੂੰ ਉਥੋਂ ਵਾਪਸ ਪਰਤਣਾ ਪਿਆ। ਪਿੰਡ ਵਾਸੀਆਂ ਨੇ ਕਿਹਾ ਪਿੰਡਾਂ ਵਿਚੋਂ ਹੜ੍ਹਾਂ ਦੇ ਪਾਣੀ ਨੂੰ ਕੱਢਣ ਲਈ ਨਾ ਤਾਂ ਪ੍ਰਸ਼ਾਸਨ ਨੇ ਕੋਈ ਕਾਰਵਾਈ ਕੀਤੀ ਅਤੇ ਨਾ ਹੀ ਪੰਜਾਬ ਸਰਕਾਰ।