ਸੁਨੀਲ ਜਾਖੜ ਨੇ ‘ਆਪ’ ਅਤੇ ਕਾਂਗਰਸ ਵਿਚਾਲੇ ਗਠਜੋੜ ਦੀ ਗੱਲ ਮੁੜ ਦੁਹਰਾਈ
ਪੰਜਾਬ ਸਰਕਾਰ ਨੇ ਹੜ੍ਹ ਪੀੜਤ ਲੋਕਾਂ ਦੀ ਸਾਰ ਨਹੀਂ ਲਈ : ਸੁਨੀਲ ਜਾਖੜ
ਅੰਮਿ੍ਰਤਸਰ/ਬਿਊਰੋ ਨਿਊਜ਼
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੰਮਿ੍ਰਤਸਰ ਵਿਚ ਪ੍ਰੈਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਗਠਜੋੜ ਦੀ ਗੱਲ ਮੁੜ ਦੁਹਰਾਈ ਹੈ। ਉਨ੍ਹਾਂ ਕਿਹਾ ਕਿ ‘ਆਪ’ ਅਤੇ ਕਾਂਗਰਸ ਵਿਚਾਲੇ ਸਮਝੌਤਾ ਹੋ ਚੁੱਕਾ ਹੈ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਜਾਖੜ ਨੇ ਕਿਹਾ ਕਿ ਪੰਜਾਬ ਦੇ ਕਈ ਸੀਨੀਅਰ ਕਾਂਗਰਸੀ ਆਗੂਆਂ ਨੇ ਆਪਣੇ ’ਤੇ ਹੋਣ ਵਾਲੇ ਪਰਚਿਆਂ ਤੋਂ ਡਰਦੇ ਹੋਏ ਆਮ ਆਦਮੀ ਪਾਰਟੀ ਅੱਗੇ ਗੋਡੇ ਟੇਕ ਦਿੱਤੇ ਹਨ ਅਤੇ ਸਮਝੌਤਾ ਕਰ ਲਿਆ ਹੈ। ਉਨ੍ਹਾਂ ਬਿਨਾਂ ਕਿਸੇ ਦਾ ਨਾਮ ਲਏ ਕਿਹਾ ਕਿ ਦੋ ਕਾਂਗਰਸੀ ਆਗੂਆਂ ਵਲੋਂ ਆਪਣੀਆਂ ਪਤਨੀਆਂ ਲਈ ਲੋਕ ਸਭਾ ਸੀਟਾਂ ਲੈਣ ਲਈ ਵੀ ਸਮਝੌਤਾ ਕੀਤਾ ਗਿਆ ਹੈ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਹੜ੍ਹਾਂ ਕਰਕੇ ਪ੍ਰਭਾਵਿਤ ਹੋਏ ਪਰਿਵਾਰਾਂ ਦੀ ਇਕ ਮਹੀਨੇ ਤੋਂ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਵਲੋਂ ਕੋਈ ਮਾਲੀ ਮਦਦ ਨਹੀਂ ਕੀਤੀ ਗਈ, ਜਦੋਂ ਕਿ ਪੰਜਾਬ ਅਤੇ ਚੰਡੀਗੜ੍ਹ ’ਚ ਵੱਡੇ ਵੱਡੇ ਬੋਰਡ ਲਗਾ ਕੇ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਕ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਕਹਿ ਰਹੇ ਹਨ ਕਿ ਸਾਨੂੰ ਪੰਜਾਬ ਲਈ ਕੇਂਦਰ ਸਰਕਾਰ ਤੋਂ ਪੈਸੇ ਦੀ ਲੋੜ ਨਹੀਂ। ਦੂਜੇ ਪਾਸੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕੇਂਦਰ ਨੂੰ ਪੱਤਰ ਲਿਖ ਕੇ ਪੈਸੇ ਦੀ ਅਪੀਲ ਕਰ ਰਹੇ ਹਨ। ਜਾਖੜ ਨੇ ਕਿਹਾ ਕਿ ਪੰਜਾਬ ’ਚ ਆਈ ਕੁਦਰਤੀ ਆਫ਼ਤ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਹੋਰਨਾਂ ਸੂਬਿਆਂ ’ਚ ਜਾ ਕੇ ਵੋਟਾਂ ਮੰਗਣ ਲੱਗੇ ਹਨ। ਉਨ੍ਹਾਂ ਨੂੰ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੀ ਕੋਈ ਚਿੰਤਾ ਨਹੀਂ। ਇਸ ਮੌਕੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਅਤੇ ਸਾਬਕਾ ਵਿਧਾਇਕ ਡਾ: ਰਾਜਕੁਮਾਰ ਵੇਰਕਾ ਵੀ ਮੌਜੂਦ ਰਹੇ।