ਐਸਜੀਪੀਸੀ ਦੀ ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ’ਚ ਲਏ ਅਹਿਮ ਫੈਸਲੇ
ਤਖ਼ਤ ਸ਼੍ਰੀ ਹਜ਼ੂਰ ਸਾਹਿਬ ਬੋਰਡ ਨਾਂਦੇੜ ਦਾ ਪ੍ਰਸ਼ਾਸਕ ਇਕ ਗੈਰ ਸਿੱਖ ਅਧਿਕਾਰੀ ਨੂੰ ਲਾਏ ਜਾਣ ਦੀ ਆਲੋਚਨਾ
ਅੰਮਿ੍ਰਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਅੰਮਿ੍ਰਤਸਰ ’ਚ ਹੋਈ। ਐਸਜੀਪੀਸੀ ਪ੍ਰਧਾਨ ਧਾਮੀ ਨੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਚ ਪ੍ਰਸ਼ਾਸਨਿਕ ਅਧਿਕਾਰੀ ਗੈਰ-ਸਿੱਖ ਵਿਅਕਤੀ ਲਗਾਉਣ ਦਾ ਸਖ਼ਤ ਨੋਟਿਸ ਲੈਂਦਿਆਂ ਮਹਾਰਾਸ਼ਟਰ ਸਰਕਾਰ ਨੂੰ ਤੁਰੰਤ ਇਸ ਫੈਸਲੇ ਨੂੰ ਵਾਪਸ ਲੈਣ ਲਈ ਕਿਹਾ ਹੈ। ਮਹਾਰਾਸ਼ਟਰ ਸਰਕਾਰ ਵਲੋਂ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਬੋਰਡ ਨਾਂਦੇੜ ਦਾ ਪ੍ਰਸ਼ਾਸਕ ਇਕ ਗੈਰ ਸਿੱਖ ਅਧਿਕਾਰੀ ਨੂੰ ਲਾਏ ਜਾਣ ਦੀ ਕਰੜੀ ਆਲੋਚਨਾ ਕਰਦਿਆਂ ਇਸ ਨੂੰ ਸਿੱਖ ਧਾਰਮਿਕ ਮਾਮਲਿਆਂ ਵਿਚ ਸਰਕਾਰ ਦੀ ਸਿੱਧੀ ਦਖ਼ਲਅੰਦਾਜ਼ੀ ਕਰਾਰ ਦਿੱਤਾ ਗਿਆ। ਇਸ ਇਕੱਤਰਤਾ ਦੌਰਾਨ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵਲੋਂ ਘੱਟ ਗਿਣਤੀਆਂ ਦੇ ਹੱਕਾਂ ਦੀ ਰਾਖੀ ਕਰਨ ਦੀ ਥਾਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਬੇਲੋੜੀ ਦਖ਼ਲਅੰਦਾਜ਼ੀ ਕਰਨ ਦੀ ਵੀ ਨਿੰਦਾ ਕੀਤੀ ਗਈ। ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿੰਘ ਸਭਾ ਦੀ 150 ਸਾਲਾ ਸ਼ਤਾਬਦੀ, ਜੈਤੋ ਦੇ ਮੋਰਚੇ ਦੀ ਸ਼ਤਾਬਦੀ ਅਤੇ ਮਹਾਰਾਜਾ ਨਾਭਾ ਰਿਪੂਦਮਨ ਸਿੰਘ ਦੀ 100 ਸਾਲਾ ਸ਼ਤਾਬਦੀ ਸ਼੍ਰੋਮਣੀ ਕਮੇਟੀ ਮਨਾਏਗੀ।