ਪੰਜਾਬ ’ਚ ਸਰਕਾਰੀ ਬੱਸਾਂ ਦੇ ਕੱਚੇ ਕਾਮੇ 14 ਤੋਂ 16 ਅਗਸਤ ਤੱਕ ਕਰਨਗੇ ਹੜਤਾਲ
ਭਗਵੰਤ ਮਾਨ ਸਰਕਾਰ ’ਤੇ ਵਾਅਦਿਆਂ ਤੋਂ ਮੁੱਕਰਨ ਦਾ ਆਰੋਪ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ’ਚ ਸਰਕਾਰੀ ਬੱਸਾਂ ਦੇ ਕੱਚੇ ਕਾਮੇ 14 ਤੋਂ 16 ਅਗਸਤ ਤੱਕ ਹੜਤਾਲ ’ਤੇ ਰਹਿਣਗੇ। ਇਨ੍ਹਾਂ ਕੱਚੇ ਕਾਮਿਆਂ ਦਾ ਆਰੋਪ ਹੈ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਾਅਦਿਆਂ ਤੋਂ ਮੁੱਕਰ ਰਹੀ ਹੈ। ਤਿੰਨ ਦਿਨ ਤੱਕ ਪੰਜਾਬ ਰੋਡਵੇਜ਼-ਪਨਬਸ ਕਰਮਚਾਰੀ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਬੱਸਾਂ ਦਾ ਚੱਕਾ ਜਾਮ ਕਰਨ ਦਾ ਫੈਸਲਾ ਲਿਆ ਹੈ। ਏਨਾ ਹੀ ਨਹੀਂ ਇਹ ਸਾਰੇ ਕਰਮਚਾਰੀ ਇਕੱਠੇ ਹੋ ਕੇ ਆਜ਼ਾਦੀ ਦਿਵਸ ਦੇ ਮੌਕੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਘਿਰਾਓ ਵੀ ਕਰਨਗੇ। ਰੋਡਵੇਜ਼ ਵਿਚ ਲੰਬੇ ਸਮੇਂ ਤੋਂ ਠੇਕੇ ’ਤੇ ਕੰਮ ਕਰਦੇ ਆ ਰਹੇ ਕਰਮਚਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਵਿਭਾਗ ਦੇ ਉਚ ਅਧਿਕਾਰੀਆਂ ਦੇ ਨਾਲ-ਨਾਲ ਮੁੱਖ ਮੰਤਰੀ ਨਾਲ ਵੀ ਬੈਠਕਾਂ ਹੋ ਚੁੱਕੀਆਂ ਹਨ। ਇਨ੍ਹਾਂ ਬੈਠਕਾਂ ਵਿਚ ਮੰਗਾਂ ਸਬੰਧੀ ਭਰੋਸਾ ਤਾਂ ਜ਼ਰੂਰ ਮਿਲਦਾ ਰਿਹਾ, ਪਰ ਅਜੇ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ। ਯੂੁਨੀਅਨ ਦੇ ਸੀਨੀਅਰ ਆਗੂਆਂ ਦਾ ਕਹਿਣਾ ਹੈ ਕਿ 6600 ਦੇ ਕਰੀਬ ਠੇਕਾ ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਪੱਕਾ ਕੀਤਾ ਜਾਵੇ।